ਮੁੱਲਾਂਪੁਰ-ਦਾਖਾ, 14 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਅੱਡਾ ਦਾਖਾ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਇਕ ਮੰਗ ਪੱਤਰ ਹਲਕਾ ਦਾਖਾ ਐੱਮ.ਐੱਲ.ਏ. ਮਨਪ੍ਰੀਤ ਸਿੰਘ ਇਯਾਲੀ ਨੂੰ ਦਿੱਤਾ ਗਿਆ | ਜਥੇਬੰਦੀ ਦੇ ਡਵੀਜ਼ਨ ਪ੍ਰਧਾਨ ਜਗਤਾਰ ਸਿੰਘ ਸ਼ੇਖੂਪੁਰਾ ਨੇ ਦੱਸਿਆ ਕਿ ਇਸ ਮੰਗ ਪੱਤਰ ਰਾਹੀਂ ਸਰਕਾਰ ਤੋਂ ਮੰਗ ਕੀਤੀ ਕਿ ਕਿ ਪੈਨਸ਼ਨਰਾਂ ਤੋਂ 200 ਰੁਪਏ ਵਿਕਾਸ ਟੈਕਸ ਉਗਰਾਉਣਾ ਬੰਦ ਕੀਤਾ ਜਾਵੇ, ਪੈਨਸ਼ਨਰਾਂ ਲਈ ਬਿਜਲੀ ਯੂਨਿਟਾਂ ਵਿਚ ਮੁਆਫ਼ੀ ਦੇ ਕੈਸ਼ਲੈੱਸ ਮੈਡੀਕਲ ਸਕੀਮ ਲਾਗੂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਪਾਵਰਕਾਮ ਦੀਆਂ ਜ਼ਮੀਨਾਂ ਵੇਚਣ ਦੇ ਨਾਲ ਹੀ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਅਤੇ ਕਿਰਤ ਕਾਨੂੰਨਾਂ ਵਿਚ ਬਦਲਾਅ ਨੂੰ ਲੈ ਕੇ ਪੰਜਾਬ ਸਰਕਾਰ ਆਪਣਾ ਪੱਖ ਸਪੱਸ਼ਟ ਕਰੇ | ਮੰਗ ਪੱਤਰ ਵਿਚ ਪੰਜਾਬ ਸਰਕਾਰ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਉਪਰੋਕਤ ਮਸਲਿਆਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ ਜਥੇਬੰਦੀ ਵਲੋਂ ਇਸ ਮਹੀਨੇ ਦੇ ਆਖਰੀ ਹਫ਼ਤੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਮੰਗ ਪੱਤਰ ਲੈਣ ਸਮੇਂ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ ਨੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੱਕ ਪਹੁੰਚਾਉਣ ਦੇ ਨਾਲ ਅਗਾਮੀ ਵਿਧਾਨ ਸਭਾ ਸੈਸ਼ਨ ਵਿਚ ਵੀ ਆਵਾਜ਼ ਬੁਲੰਦ ਕੀਤੀ ਜਾਵੇਗੀ | ਇਸ ਮੌਕੇ ਸਕੱਤਰ ਚਰਨ ਸਿੰਘ, ਪਾਲ ਸਿੰਘ ਗਹੌਰ, ਨਿਰਮਲ ਸਿੰਘ ਹਿੱਸੋਵਾਲ, ਭੁਪਿੰਦਰ ਸਿੰਘ ਮੋਹੀ, ਦਰਸ਼ਨ ਸਿੰਘ, ਗੁਰਮੇਲ ਸਿੰਘ ਢੱਟ, ਗੁਰਦੀਪ ਸਿੰਘ ਮਾਨ, ਸੁਦਾਗਰ ਸਿੰਘ, ਹੋਰ ਮੌਜੂਦ ਸਨ |