ਭੂੰਦੜੀ, 17 ਫਰਵਰੀ (ਕੁਲਦੀਪ ਸਿੰਘ ਮਾਨ)-ਪੰਜਾਬ ਵਿਚ ਬੰਦ ਪਏ ਵਿਕਾਸ ਕਾਰਜਾਂ ਅਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਲੈ ਕੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ, ਸੀਨੀਅਰ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਈਸੇਵਾਲ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਨੇ 'ਆਪ' ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਬਦਲਾਅ ਦੇ ਨਾਂਅ 'ਤੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ | ਚੋਣਾਂ ਦੌਰਾਨ ਕੀਤੇ ਵਿਕਾਸ ਅਤੇ ਸੁਰੱਖਿਆ ਸੰਬੰਧੀ ਵੱਡੇ ਦਾਅਵੇ ਹੁਣ ਧਰੇ-ਧਰਾਏ ਰਹਿ ਗਏ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਮੁੜ ਰਫ਼ਤਾਰ ਦੇਣ ਅਤੇ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਕਾਂਗਰਸ ਦੀ ਸਰਕਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ |