ਜਗਰਾਉਂ, 19 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਇਸ ਮੌਕੇ ਕਮੇਟੀ ਮੁਖੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਇੰਨ੍ਹਾਂ ਤਬਕਿਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਮੁਲਾਂਕਣ ਕੀਤਾ ਗਿਆ | ਮੀਟਿੰਗ 'ਚ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਵਿਧਾਇਕ ਅੰਮਿ੍ਤਸਰ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਨਵਾਂ ਸ਼ਹਿਰ ਦੇ ਵਿਧਾਇਕ ਡਾ. ਨਛੱਤਰ ਪਾਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਸ਼ਾਮਿਲ ਹੋਏ | ਵਿਧਾਨ ਸਭਾ ਦੀ ਇਸ ਉੱਚ ਪੱਧਰੀ ਕਮੇਟੀ ਨੇ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਪੂਰਾ-ਪੂਰਾ ਲਾਭ ਉਨ੍ਹਾਂ ਲੋਕਾਂ ਤੱਕ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ, ਜਿਹੜੇ ਲੋਕ ਇਹ ਲਾਭ ਲੈਣ ਲਈ ਯੋਗ ਹਨ | ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਸੀਨੀਅਰ ਪੁਲਿਸ ਕਪਤਾਨ, ਲੁਧਿਆਣਾ (ਦਿਹਾਤੀ) ਦੇ ਅਧਿਕਾਰੀਆਂ ਨਾਲ ਐੱਸ.ਸੀ. ਵਰਗ ਨਾਲ ਸਬੰਧਤ ਪ੍ਰਾਪਤ ਹੋਈਆਂ ਸ਼ਿਕਾਇਤਾਂ ਅਤੇ ਐਟਰੋਸਿਟੀਜ਼ ਦੇ ਮਾਮਲਿਆਂ ਬਾਰੇ ਗੱਲਬਾਤ ਕੀਤੀ ਗਈ | ਕਮੇਟੀ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਵਿਅਕਤੀਆਂ ਦੀਆਂ ਉਨ੍ਹਾਂ ਦੇ ਦਫ਼ਤਰਾਂ ਵਿਚ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕਰਕੇ ਰਿਪੋਰਟ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਨੂੰ ਭੇਜਣ ਲਈ ਕਿਹਾ | ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਆਪਣਾ ਬਣਦਾ ਯੋਗਦਾਨ ਪਾਈਏ ਅਤੇ ਲੋੜਵੰਦ ਲੋਕਾਂ ਨੂੰ ਉੱਪਰ ਉਠਾਉਣ ਲਈ ਇਕੱਠੇ ਹੋ ਕੇ ਕੰਮ ਕਰੀਏ | ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੀਮਾਂ ਦੇ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਜ਼ਰੂਰ ਪਹੁੰਚਾਇਆ ਜਾਵੇ | ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਮੇਟੀ ਦਾ ਸਵਾਗਤ ਕੀਤਾ | ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਨੇ ਮੀਟਿੰਗ ਦੌਰਾਨ ਕਮੇਟੀ ਨੂੰ ਭਰੋਸਾ ਦਿੱਤਾ ਕਿ ਕਮੇਟੀ ਦੀਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ | ਬੈਠਕ ਦੌਰਾਨ ਏ.ਡੀ.ਸੀ. (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਅਤੇ ਉਪ ਮੰਡਲ ਮੈਜਿਸਟਰੇਟ ਰਾਏਕੋਟ ਸ੍ਰੀਮਤੀ ਪਾਇਲ ਗੋਇਲ, ਡੀ.ਸੀ.ਪੀ (ਇਨਵੈਸਟੀਗੇਸ਼ਨ) ਲੁਧਿਆਣਾ ਹਰਪਾਲ ਸਿੰਘ, ਐੱਸ.ਪੀ ਕੰਵਰਜੀਤ ਸਿੰਘ ਚਹਿਲ, ਏ.ਸੀ.ਪੀ ਮੁਰਾਦ ਜਸਵੀਰ ਸਿੰਘ ਗਿੱਲ, ਡੀ.ਐੱਸ.ਪੀ (ਸਪੈਸ਼ਲ ਕ੍ਰਾਈਮ) ਜਗਰਾਉਂ ਕੁਲਵੰਤ ਸਿੰਘ, ਵਿਧਾਨ ਸਭਾ ਕਮੇਟੀ ਦੇ ਸਹਾਇਕ ਜਸਵੀਰ ਸਿੰਘ, ਅਵਨੀਸ਼ ਕੌਰ ਸਹਾਇਕ ਤੇ ਸੁਪਰਡੈਂਟ ਹਰੀਸ਼ ਕੁਮਾਰ, ਜ਼ਿਲ੍ਹਾ ਭਲਾਈ ਅਫ਼ਸਰ ਕਮਲਜੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਤੇ ਅਧਿਕਾਰਤਾ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਸਮੇਤ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ |