20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਭਾਕਿਯੂ ਏਕਤਾ ਡਕੌਂਦਾ ਵਲੋਂ ਪਿੰਡ ਅਖਾੜਾ-ਮਾਣੂੰਕੇ ਟੁੱਟੀ ਨੂੰ ਲੈ ਕੇ ਸੰਘਰਸ਼ ਦੀ ਚਿਤਾਵਨੀ

ਅਜੀਤ ਡੈਸਕ 03-05-2026
ਜਗਰਾਉਂ, 2 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪਿੰਡ ਅਖਾੜਾ ਤੋਂ ਮਾਣੂੰਕੇ ਜਾਣ ਵਾਲੀ ਸੜਕ ਦੀ ਬੇਹੱਦ ਖ਼ਰਾਬ ਹਾਲਤ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਤਿੱਖਾ ਰੁਖ ਅਖਤਿਆਰ ਕਰਦਿਆਂ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ | ਯੂਨੀਅਨ ਆਗੂਆਂ ਨੇ ਪ੍ਰਸ਼ਾਸਨ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦੇ ਕੇ ਸੜਕ ਨਿਰਮਾਣ ਕੰਮ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਿੰਡ ਅਖਾੜਾ ਵਾਸੀਆਂ ਨੇ ਸੜਕ ਦੀ ਮਾੜੀ ਹਾਲਤ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ ਤੇ ਉਸ ਵੇਲੇ ਪਹੁੰਚੇ ਅਧਿਕਾਰੀਆਂ ਨੇ ਜਲਦ ਸੜਕ ਬਣਵਾਉਣ ਦਾ ਵਿਸ਼ਵਾਸ ਦਿਵਾਇਆ ਸੀ | ਪ੍ਰੰਤੂ ਅੱਜ ਜਦੋਂ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ ਤਾਂ ਪ੍ਰਸ਼ਾਸਨ ਵਲੋਂ ਸੜਕ ਨਿਰਮਾਣ ਲਈ ਦੋ ਮਹੀਨੇ ਦਾ ਸਮਾਂ ਮੰਗਿਆ ਗਿਆ, ਜਿਸ ਕਾਰਨ ਲੋਕਾਂ ਅਤੇ ਕਿਸਾਨ ਆਗੂਆਂ ਵਿਚ ਭਾਰੀ ਨਾਰਾਜ਼ਗੀ ਦੇਖਣ ਨੂੰ ਮਿਲੀ | ਇਸ ਮੌਕੇ ਭਾਕਿਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਅਤੇ ਇਕਾਈ ਪ੍ਰਧਾਨ ਗੁਰਤੇਜ ਸਿੰਘ ਨੇ ਕਿਹਾ ਕਿ ਲੋਕ ਪਹਿਲਾਂ ਹੀ ਲੰਮੇ ਸਮੇਂ ਤੋਂ ਸੜਕ ਦੀ ਖਸਤਾ ਹਾਲਤ ਕਾਰਨ ਦੁੱਖ ਝੱਲ ਰਹੇ ਹਨ | ਹੁਣ ਹੋਰ ਦੇਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਸੜਕ ਬਣਾਉਣ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਪੱਕਾ ਧਰਨਾ ਲਗਾ ਕੇ ਅਣਮਿੱਥੇ ਸਮੇਂ ਲਈ ਰੋਡ ਜਾਮ ਕੀਤਾ ਜਾਵੇਗਾ, ਜਿਸਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਜਗਦੇਵ ਸਿੰਘ, ਹਰਦੇਵ ਸਿੰਘ, ਸਵਰਨ ਸਿੰਘ, ਸਤਵੰਤ ਸਿੰਘ ਸੋਨੂੰ , ਦਰਸ਼ਪ੍ਰੀਤ ਸਿੰਘ ਅਤੇ ਤਰਸੇਮ ਸਿੰਘ ਬੱਸੂਵਾਲ ਹਾਜ਼ਰ ਸਨ |
ਪਿਛਲੀ ਖ਼ਬਰ ਕੌਮਾਂਤਰੀ ਮਜ਼ਦੂਰ ਦਿਵਸ 'ਤੇ ਔਰਤਾਂ ਦਾ ਵਿਸ਼ੇਸ਼ ਯੋਗਦਾਨ-ਮਿਸਰੋ ਦੇਵੀ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਕੈਰੀਅਰ ਕਾਊਾਸਿਲੰਗ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।