ਜਗਰਾਉਂ, 17 ਮਈ (ਸ਼ਮਸ਼ੇਰ ਸਿੰਘ ਗਾਲਿਬ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਆਪਣੀਆਂ ਮੰਗਾਂ ਸੰਬੰਧੀ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਅੰਮਿ੍ਤ ਕੌਰ ਲੀਹਾਂ ਤੇ ਬਲਾਕ ਪ੍ਰਧਾਨ ਮਨਜੀਤ ਕੌਰ ਢਿੱਲੋਂ ਬਰਸਾਲ ਦੀ ਅਗਵਾਈ 'ਚ ਜਗਰਾਉਂ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਘਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਹ ਰੋਸ ਪ੍ਰਦਰਸ਼ਨ ਹਰਿਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਕਮੇਟੀ ਵਲੋਂ ਉਲੀਕੀ ਗਈ ਸੰਘਰਸ਼ ਦੀ ਰੂਪ-ਰੇਖਾ ਦੇ ਤਹਿਤ ਕੀਤਾ | ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ, ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ, ਆਂਗਣਵਾੜੀ ਕੇਂਦਰਾਂ 'ਚੋਂ ਖੋਹੇ ਗਏ ਬੱਚੇ ਵਾਪਸ ਆਂਗਣਵਾੜੀਆਂ ਵਿਚ ਭੇਜੇ ਜਾਣ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਆਂਗਣਵਾੜੀ ਵਰਕਰਾਂ ਨੂੰ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਵਿਚ ਕੰਮ ਕਰਨ ਬਦਲੇ 200 ਰੁਪਏ ਵਰਕਰ ਅਤੇ 100 ਰੁਪਏ ਹੈਲਪਰ ਦਿੱਤਾ ਜਾਵੇ | ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ, ਐੱਨ. ਜੀ. ਓ. ਅਧੀਨ ਚੱਲ ਰਹੇ ਤੇ ਬਲਾਕਾਂ ਨੂੰ ਵਾਪਸ ਲੈਣ ਦਾ ਹੋ ਚੁੱਕਿਆ ਨੋਟੀਫਿਕੇਸ਼ਨ ਲਾਗੂ ਕੀਤਾ ਜਾਵੇ | ਇਸ ਸੰਬੰਧੀ ਆਪਣੀਆਂ ਹੱਕੀ ਮੰਗਾਂ ਦਾ ਮੰਗ ਪੱਤਰ ਵਿਧਾਇਕਾ ਬੀਬੀ ਮਾਣੂੰਕੇ ਨੂੰ ਦਿੱਤਾ ਗਿਆ |