ਕੁਹਾੜਾ, 17 ਮਈ ( ਸੰਦੀਪ ਸਿੰਘ ਕੁਹਾੜਾ)-ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਸਮੇਤ ਕੇਂਦਰੀ ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਸਾਂਝੇ ਸੱਦੇ 'ਤੇ ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ (ਸੀਟੂ) ਵਲੋਂ ਵੱਖ-ਵੱਖ ਪਿੰਡਾਂ 'ਚ ਮਜ਼ਦੂਰਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਸੀਟੂ ਪੰਜਾਬ ਦੇ ਸੂਬਾਈ ਸਕੱਤਰ ਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ, ਸੂਬਾਈ ਮੀਤ ਪ੍ਰਧਾਨ ਸਿਕੰਦਰ ਬਖ਼ਸ਼ ਮੰਡ ਚੌਂਤਾ ਤੇ ਸੂਬਾ ਕਮੇਟੀ ਮੈਂਬਰ ਹਰੀ ਰਾਮ ਭੱਟੀ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਕੜੀ ਆਲੋਚਨਾ ਕੀਤੀ | ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ 'ਚ ਸਫਲਤਾ ਤੋਂ ਬਾਅਦ ਮਜ਼ਦੂਰ ਵਰਗ 'ਤੇ ਹਮਲੇ ਤੇਜ਼ ਕੀਤੇ ਗਏ ਹਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ 4 ਲੇਬਰ ਕੋਡ ਲਾਗੂ ਕਰ ਕੇ ਮਜ਼ਦੂਰ ਪੱਖੀ 29 ਕਾਨੂੰਨਾਂ ਨੂੰ ਖ਼ਤਮ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਮਜ਼ਦੂਰਾਂ ਦੇ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰ ਕੇ ਵੀ. ਬੀ. ਜੀ. ਰਾਮ ਜੀ ਅਜੀਵਕਾ ਮਿਸ਼ਨ ਲਾਗੂ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਮਿਲਣ ਵਾਲੇ ਲਾਭ ਘਟੇ ਹਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ 'ਤੇ ਅਸਰ ਪਿਆ ਹੈ | ਸੀਟੂ ਆਗੂਆਂ ਨੇ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਨੂੰ ਪੂਰੀ ਤਰ੍ਹਾਂ ਬਹਾਲ ਕੀਤਾ ਜਾਵੇ, ਵੀ. ਬੀ. ਜੀ. ਰਾਮ ਜੀ ਯੋਜਨਾ ਰੱਦ ਕੀਤੀ ਜਾਵੇ, ਮਜ਼ਦੂਰਾਂ ਨੂੰ ਸਾਲਾਨਾ 200 ਦਿਨ ਦਾ ਰੋਜ਼ਗਾਰ ਤੇ ਘੱਟੋ-ਘੱਟ 700 ਰੁਪਏ ਦਿਹਾੜੀ ਦਿੱਤੀ ਜਾਵੇ | ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ 'ਤੇ ਕੀਤੇ ਗਏ ਲਾਠੀਚਾਰਜ ਦੀ ਵੀ ਕੜੇ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਲੋਕਤੰਤਰ ਵਿਚ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਲੋਕਾਂ 'ਤੇ ਜ਼ਬਰ ਜਾਇਜ਼ ਨਹੀਂ ਹੈ |