ਜਗਰਾਉਂ, 18 ਮਈ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਸਕੂਲ ਵਲੋਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਲਾਸ ਅਨੁਸਾਰ ਵਿਸ਼ੇਸ਼ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ | ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਲਈ ਮੱਛਰ ਫੇਸ ਮਾਸਕ ਮੁਕਾਬਲਾ ਕਰਵਾਇਆ ਗਿਆ | ਚੌਥੀ ਅਤੇ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਡੇਂਗੂ ਜਾਗਰੂਕਤਾ ਸਲੋਗਨ ਲਿਖਣ ਗਤੀਵਿਧੀ ਵਿਚ ਭਾਗ ਲਿਆ, ਜਦਕਿ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਡੇਂਗੂ ਰੋਕਥਾਮ ਸੰਬੰਧੀ ਪੋਸਟਰ ਮੇਕਿੰਗ ਗਤੀਵਿਧੀ ਰਾਹੀਂ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕੀਤਾ | ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਲਈ ਆਸ-ਪਾਸ ਸਫ਼ਾਈ ਰੱਖਣ, ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ ਬਾਰੇ ਵੀ ਜਾਣਕਾਰੀ ਦਿੱਤੀ ਗਈ | ਸਕੂਲ ਦੀ ਪਿ੍ੰਸੀਪਲ ਡਾ: ਨਵਨੀਤ ਕੌਰ ਨੇ ਕਿਹਾ ਕਿ ਸਾਨੂੰ ਆਪਣੇ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਸਫ਼ਾਈ ਨਿਯਮਤ ਸਮੇਂ 'ਤੇ ਕਰਵਾਉਣੀ ਚਾਹੀਦੀ ਹੈ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਰਾੜ ਨੇ ਵੀ ਬੱਚਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਕਿ ਚੰਗੀ ਸਿਹਤ ਤਦ ਹੀ ਸੰਭਵ ਹੈ ਜੇਕਰ ਅਸੀਂ ਆਪਣੇ ਘਰ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖੀਏ |