ਜਗਰਾਉਂ, 19 ਮਈ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਗਾਤਾਰ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸੀ.ਟੀ. ਯੂਨੀਵਰਸਿਟੀ ਵਿਚ ਇੱਕ ਵਿਸ਼ਾਲ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਮੁੱਖ ਉਦੇਸ਼ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਫਲਸਫ਼ੇ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਲਈ ਦਿੱਤੇ ਗਏ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ | ਸੈਮੀਨਾਰ ਦੌਰਾਨ ਯੂਨੀਵਰਸਿਟੀ ਦੇ ਹਾਲ ਵਿਚ ਵਿਦਿਆਰਥੀਆਂ ਨੇ ਵੱਡੀ ਤਦਾਦ ਵਿਚ ਸ਼ਿਰਕਤ ਕੀਤੀ | ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮੇਂ ਲਈ ਬਹੁਤ ਹੀ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਸੰਦੇਸ਼ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਦਾ ਹੈ | ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਬਾਬਾ ਕੇਵਲ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਦੀਪਕ ਬਾਲੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਆਪਣੇ ਸੰਬੋਧਨ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਿਰਫ਼ ਧਾਰਮਿਕ ਉਪਦੇਸ਼ ਨਹੀਂ, ਸਗੋਂ ਸਮਾਜ ਨੂੰ ਸਹੀ ਦਿਸ਼ਾ ਦੇਣ ਵਾਲਾ ਜੀਵਨ ਮਾਰਗ ਹਨ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ, ਸਮਾਨਤਾ ਅਤੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਅਪਣਾਉਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਲੋਕਾਂ ਨੂੰ ਸੱਚ, ਸਾਦਗੀ, ਸੇਵਾ ਅਤੇ ਉੱਚੇ ਆਦਰਸ਼ਾਂ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ | ਬਾਬਾ ਕੇਵਲ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਸਮਾਜ ਵਿਚ ਵਧ ਰਹੀਆਂ ਸਮਾਜਿਕ ਬੁਰਾਈਆਂ, ਨਫ਼ਰਤ ਅਤੇ ਵੰਡਵਾਦੀ ਸੋਚ ਨੂੰ ਖ਼ਤਮ ਕਰਨ ਲਈ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਅਮਲ ਵਿਚ ਲਿਆਉਣ ਦੀ ਲੋੜ ਹੈ | ਸੈਮੀਨਾਰ ਦੌਰਾਨ ਯੂਨੀਵਰਸਿਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿਚ ਸੱਭਿਆਚਾਰਕ ਅਤੇ ਆਧਿਆਤਮਿਕ ਮੁੱਲਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜਿਕ ਚੇਤਨਾ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ | ਸਮਾਗਮ ਅੰਤ ਵਿੱਚ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਵਿੱਚ ਆਪਸੀ ਭਾਈਚਾਰਾ ਮਜ਼ਬੂਤ ਕਰਨ ਦਾ ਸੰਦੇਸ਼ ਦੇ ਕੇ ਸਮਾਪਤ ਹੋਇਆ |