ਜਗਰਾਉਂ, 3 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਨੇ ਪਾਰਟੀ ਦੇ ਟਕਸਾਲੀ ਆਗੂ ਅਤੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕਰਕੇ ਲੰਘੀਆਂ ਨਗਰ ਕੌਂਸਲ ਚੋਣਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਸ੍ਰੀ ਕਲੇਰ ਨੇ ਉਨ੍ਹਾਂ ਦੀ ਸਿਹਤ ਅਤੇ ਹਾਲ-ਚਾਲ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਲੰਬੇ ਸਮੇਂ ਤੋਂ ਪਾਰਟੀ ਅਤੇ ਪੰਥ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਮੁਲਾਕਾਤ ਦੌਰਾਨ ਕਲੇਰ ਨੇ ਕਿਹਾ ਕਿ ਭਾਗ ਸਿੰਘ ਮੱਲ੍ਹਾ ਵਰਗੇ ਤਜਰਬੇਕਾਰ ਅਤੇ ਸਮਰਪਿਤ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਕੀਮਤੀ ਪੂੰਜੀ ਹਨ | ਉਨ੍ਹਾਂ ਦਾ ਲੰਮਾ ਸਿਆਸੀ ਤਜਰਬਾ ਅਤੇ ਲੋਕਾਂ ਨਾਲ ਡੂੰਘਾ ਜੁੜਾਅ ਨੌਜਵਾਨ ਆਗੂਆਂ ਅਤੇ ਵਰਕਰਾਂ ਲਈ ਪ੍ਰੇਰਣਾ ਸਰੋਤ ਹੈ | ਇਸ ਮੌਕੇ ਦੋਵਾਂ ਆਗੂਆਂ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ, ਪੰਜਾਬ ਦੇ ਸਿਆਸੀ ਹਾਲਾਤਾਂ ਅਤੇ ਪਾਰਟੀ ਸਾਹਮਣੇ ਖੜ੍ਹੀਆਂ ਚੁਣੌਤੀਆਂ ਬਾਰੇ ਸੰਖੇਪ ਪਰ ਅਹਿਮ ਵਿਚਾਰ-ਵਟਾਂਦਰਾ ਵੀ ਹੋਇਆ | ਚਰਚਾ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਅਤੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ | ਭਾਗ ਸਿੰਘ ਮੱਲ੍ਹਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ, ਸੰਘਰਸ਼ਾਂ ਅਤੇ ਲੋਕ ਸੇਵਾ ਨਾਲ ਭਰਿਆ ਹੋਇਆ ਹੈ | ਪਾਰਟੀ ਦੇ ਵਰਕਰਾਂ ਨੂੰ ਇਸ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਲਈ ਏਕਤਾ ਅਤੇ ਸਮਰਪਣ ਨਾਲ ਕੰਮ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀਆਂ ਚੁਣੌਤੀਆਂ ਦਾ ਮੁਕਾਬਲਾ ਸੰਗਠਨਾਤਮਕ ਮਜ਼ਬੂਤੀ ਅਤੇ ਵਰਕਰਾਂ ਦੇ ਭਰੋਸੇ ਨਾਲ ਹੀ ਕੀਤਾ ਜਾ ਸਕਦਾ ਹੈ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਜੱਗਾ ਸਿੰਘ ਆਦਿ ਹਾਜ਼ਰ ਸਨ |