ਮੁੱਲਾਂਪੁਰ-ਦਾਖਾ, 3 ਜੂਨ (ਨਿਰਮਲ ਸਿੰਘ ਧਾਲੀਵਾਲ)-ਭਾਜਪਾ ਦੀ ਕੇਂਦਰ ਸਰਕਾਰ ਵਲੋਂ ਅੱਜ ਵੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਨੌਜਵਾਨਾਂ ਨੂੰ ਜੇਲ੍ਹਾਂ 'ਚ ਬੰਦ ਰੱਖਿਆ ਹੋਇਆ, ਅਜਿਹੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਹੋਵੇ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵਲੋਂ 20ਵੀਂ ਸਦੀ ਦੇ ਮਹਾਨ ਯੋਧੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜਨਮ ਦਿਹਾੜੇ ਮੌਕੇ ਕੀਤਾ | ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਅੱਜ ਧਾਰਮਿਕ, ਸਮਾਜਿਕ, ਸਿਆਸੀ ਧਿਰਾਂ ਨੂੰ ਨਿੱਜੀ ਮਤਭੇਦਾਂ ਤੇ ਮੁਫ਼ਾਦਾਂ ਤੋਂ ਉੱਪਰ ਉੱਠ ਕੇ ਸਿੱਖਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਇਕ ਹੋਣਾ ਚਾਹੀਦਾ | ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਅਵਾਜ਼ ਉਠਾਉਣ ਵਾਲੇ ਆਗੂ ਵਜੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਯਾਦ ਕਰਕੇ ਉਨ੍ਹਾਂ ਵਲੋਂ ਦਰਸਾਏ ਸੱਚ, ਨਿਡਰਤਾ ਵਾਲੇ ਸਿਧਾਂਤਾ ਤੋਂ ਸੇਧ ਲੈਣ ਦੀ ਲੋੜ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੁਆਰਾ ਸਿੱਖੀ ਸਿਧਾਂਤਾਂ, ਗੁਰਬਾਣੀ ਅਤੇ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਯਤਨ ਤੇਜ਼ ਕਰਨ ਦੀ ਹਾਮੀ ਭਰਦਿਆਂ ਆਗਾਮੀ ਚੋਣਾਂ ਤੋਂ ਪਹਿਲਾਂ ਸਾਰੀਆਂ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਇਕੱਠਾ ਹੋਣ ਦੀ ਅਪੀਲ ਕਰਦਿਆਂ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੰਥਕ ਸਰਕਾਰ ਬਣਾ ਕੇ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ ਸਿੱਖ ਨੌਜਵਾਨਾਂ 'ਤੇ ਐੱਨ.ਐੱਸ.ਏ ਤਹਿਤ ਨਜ਼ਰਬੰਦੀ ਰੁਕਵਾਈ ਜਾਵੇ |