ਰਾਏਕੋਟ, 4 ਜੂਨ (ਬਲਵਿੰਦਰ ਸਿੰਘ ਲਿੱਤਰ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਰਾਏਕੋਟ ਅੰਦਰ ਅਧੂਰੇ ਵਿਕਾਸ ਪ੍ਰਾਜੈਕਟਾਂ ਨੂੰ ਜਲਦ ਨੇਪਰੇ ਚਾੜ੍ਹ ਕੇ ਲੋਕਾਂ ਲਈ ਸਹੂਲਤਾਂ ਸ਼ੁਰੂ ਕੀਤੀਆਂ ਜਾਣਗੀਆਂ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਜੋ ਲੜੀਵਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਯਤਨਸ਼ੀਲ ਹੈ | ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਅੱਗੇ ਦੱਸਿਆ ਕਿ ਰਾਏਕੋਟ ਸ਼ਹਿਰ ਅਤੇ ਹਲਕੇ ਦੀਆਂ ਖਸਤਾ ਹਾਲਤ ਸੜਕਾਂ, ਗਲੀਆਂ-ਨਾਲੀਆਂ ਦੇ ਉੱਚਿਤ ਪ੍ਰਬੰਧ, ਸਟਰੀਟ ਲਾਈਟ ਸਿਸਟਮ ਆਦਿ ਪ੍ਰਬੰਧਾਂ 'ਚ ਸੁਧਾਰ ਲਿਆਉਣ ਲਈ ਵੱਖ-ਵੱਖ ਵਿਕਾਸ ਕਾਰਜ ਜੰਗੀਂ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਉਨ੍ਹਾਂ ਵਲੋਂ ਖ਼ੁਦ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਪ੍ਰਬੰਧਾਂ ਵਿਚ ਕੋਈ ਗੜਬੜੀ ਦੀ ਸ਼ਿਕਾਇਤ ਨਾ ਆ ਸਕੇ | ਉਨ੍ਹਾਂ ਭਰੋਸਾ ਦਿਵਾਇਆ ਕਿ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣ ਲਈ 'ਆਪ' ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਰਾਏਕੋਟ ਸ਼ਹਿਰ ਦੀ ਨੁਹਾਰ ਬਦਲਕੇ ਲੋਕਾਂ ਨੂੰ ਉੱਚਿਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ |