ਜਗਰਾਉਂ, 9 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਗਰਾਉਂ ਹਲਕੇ ਦੇ ਪਿੰਡਾਂ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵਲੋਂ ਵਾਹਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐੱਮ. ਮੈਡਮ ਉਪਿੰਦਰਜੀਤ ਕੌਰ ਬਰਾੜ, ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ, 'ਆਪ' ਆਗੂ ਪ੍ਰੋ: ਸੁਖਵਿੰਦਰ ਸਿੰਘ, ਮਾਲਵਾ ਜ਼ੋਨ ਦੇ ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ, ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ 'ਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪਿੰਡਾਂ 'ਚ ਰਵਾਨਾ ਕੀਤੇ ਵਾਹਨਾਂ 'ਤੇ ਇਕ ਸ਼ਿਕਾਇਤ ਬਾਕਸ ਵੀ ਲਗਾਇਆ ਗਿਆ ਹੈ ਅਤੇ ਜੋ ਵੀ ਵਿਅਕਤੀ ਨਸ਼ਾ ਵੇਚਦਾ ਹੈ, ਉਸਦੀ ਜਾਣਕਾਰੀ ਲਿਖ ਕੇ ਸ਼ਿਕਾਇਤ ਬਾਕਸ 'ਚ ਪਾਈ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਇਸਦੇ ਨਾਲ ਇਹ ਵਾਹਨ ਪਿੰਡਾਂ 'ਚ ਅਨਾਊਾਸਮੈਂਟ ਕਰਨਗੇ ਕਿ ਜੋ ਨੌਜਵਾਨ ਨਸ਼ੇ ਦੇ ਆਦੀ ਹੈ, ਉਸਦਾ ਇਲਾਜ ਵੀ ਪੰਜਾਬ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ | ਵਿਧਾਇਕਾ ਬੀਬੀ ਮਾਣੂੰਕੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ 'ਚ ਸਰਕਾਰ ਦਾ ਸਾਥ ਦਿੱਤਾ ਜਾਵੇ | ਇਸ ਮੌਕੇ ਐੱਸ.ਡੀ.ਐੱਮ. ਮੈਡਮ ਉਪਿੰਦਰਜੀਤ ਕੌਰ ਬਰਾੜ ਅਤੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਤੇ ਜਾਣਕਾਰੀ ਦੇਣ ਵਾਲੇ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਵੀ ਲੋਕਾਂ ਨੂੰ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ 'ਚ ਸਰਗਰਮੀ ਨਾਲ ਭਾਗ ਲੈਣ ਲਈ ਕਿਹਾ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ 'ਚੋਂ ਨਸ਼ਿਆਂ ਦਾ ਖ਼ਾਤਮਾ ਨਹੀਂ ਹੁੰਦਾ ਇਹ ਜੰਗ ਜਾਰੀ ਰਹੇਗੀ | ਇਸ ਮੌਕੇ ਕੌਂਸਲਰ ਕਰਮਜੀਤ ਸਿੰਘ ਕੈਂਥ, ਮਾ: ਪਰਮਿੰਦਰ ਸਿੰਘ ਗਿੱਦੜਵਿੰਡੀ, ਕੌਂਸਲਰ ਰਾਮ ਸਿੰਘ, ਕੌਂਸਲਰ ਜਗਜੀਤ ਸਿੰਘ ਜੱਗੀ, ਪ੍ਰਹਿਲਾਦ ਕੁਮਾਰ ਸਿੰਗਲਾ, ਕਰਮ ਸਿੰਘ ਸਿੱਧੂ, ਗੋਪੀ ਸ਼ਰਮਾ, ਵੀਨਾ ਰਾਣੀ, ਜਗਸੀਰ ਸਿੰਘ ਗਾਲਿਬ ਆਦਿ ਹਾਜ਼ਰ ਸਨ |