ਭੂੰਦੜੀ, 16 ਜੂਨ (ਕੁਲਦੀਪ ਸਿੰਘ ਮਾਨ)�ਕਾਂਗਰਸ ਪਾਰਟੀ ਦੇ ਆਗੂ ਅਤੇ ਚੇਅਰਮੈਨ ਰਵੀ ਸਿੰਘ ਪੱਬੀਆਂ (ਯੂ.ਐੱਸ.ਏ.) ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਨਿਰਾਸ਼ ਹਨ ਅਤੇ ਹੁਣ ਸੂਬੇ ਵਿੱਚ ਇੱਕ ਮਜ਼ਬੂਤ ਅਤੇ ਲੋਕ-ਹਿਤੈਸ਼ੀ ਵਿਕਲਪ ਦੀ ਲੋੜ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੇ ਵਿਕਾਸ, ਨੌਜਵਾਨਾਂ ਲਈ ਰੁਜ਼ਗਾਰ ਅਤੇ ਕਿਸਾਨਾਂ ਦੀ ਭਲਾਈ ਲਈ ਸੰਘਰਸ਼ ਜਾਰੀ ਰੱਖੇਗੀ। ਸ ਪੱਬੀਆਂ ਨੇ ਕਿਹਾ ਕਿ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਸਮੱਸਿਆ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਅਤੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਵੀ ਆਪਣੇ ਵਤਨ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਚਿੰਤਤ ਹਨ ਅਤੇ ਉਹ ਪੰਜਾਬ ਦੇ ਵਿਕਾਸ ਲਈ ਹਰ ਸੰਭਵ ਯੋਗਦਾਨ ਦੇਣ ਲਈ ਤਿਆਰ ਹਨ। ਪੱਬੀਆਂ ਨੇ ਪਾਰਟੀ ਵਰਕਰਾਂ ਨੂੰ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ।