04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਧੁਰੀ ਵਿਖੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਖ਼ਿਲਾਫ਼ ਪੰਜਾਬ ਭਰ ਵਿੱਚ ਹੋਵੇਗਾ ਤਿੱਖਾ ਸੰਘਰਸ਼

ਅਜੀਤ ਡੈਸਕ 17-07-2026

ਜਗਰਾਉਂਂ, 16 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਨੌਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੀ। ਨਗਰ ਕੌਂਸਲ ਜਗਰਾਉਂ ਵਿਖੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਸੈਂਕੜੇ ਮਿਉਂਸਪਲ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨਣ ਦੀ ਮੰਗ ਕੀਤੀ। ਇਸ ਦੌਰਾਨ ਧੁਰੀ ਵਿਖੇ ਚੱਲ ਰਹੇ ਸ਼ਾਂਤਮਈ ਧਰਨੇ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਖ਼ਤਮ ਕਰਨ ਲਈ ਕੀਤੇ ਗਏ ਲਾਠੀਚਾਰਜ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਲੋਕਲ ਪ੍ਰਧਾਨ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਘਟਨਾ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੁਣਨ ਦੀ ਬਜਾਏ ਦਮਨਕਾਰੀ ਨੀਤੀਆਂ ਅਪਣਾ ਕੇ ਲੋਕਤੰਤਰੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਦੇ ਸੂਬਾ ਪ੍ਰਧਾਨ ਵੱਲੋਂ ਇਸ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਪੂਰੇ ਪੰਜਾਬ ਵਿੱਚ ਵੱਖ-ਵੱਖ ਚੌਂਕਾਂ, ਪੁਲਾਂ ਅਤੇ ਮੁੱਖ ਸੜਕਾਂ ’ਤੇ ਰੋਸ ਪ੍ਰਦਰਸ਼ਨ ਅਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਦਮਨਕਾਰੀ ਰਵੱਈਆ ਨਾ ਛੱਡਿਆ ਅਤੇ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕਰਕੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਧਰਨੇ ਨੂੰ ਸਮਰਥਨ ਦੇਣ ਲਈ ਸੈਂਟਰਲ ਵਾਲਮੀਕਿ ਸਭਾ ਇੰਡੀਆ ਦੇ ਕੌਮੀ ਪ੍ਰਧਾਨ ਅਤੇ ਭਾਜਪਾ ਦੇ ਸੀਨੀਅਰ ਆਗੂ ਸ੍ਰੀ ਗੇਜਾ ਰਾਮ ਵਾਲਮੀਕਿ ਅਤੇ ਨਗਰ ਸੁਧਾਰ ਸਭਾ ਦੇ ਪ੍ਰਧਾਨ ਸਰਦਾਰ ਅਵਤਾਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਧਰਨਾਕਾਰੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰੋਸ ਵਜੋਂ ਪਿੱਟ ਸਿਆਪਾ ਵੀ ਕੀਤਾ। ਇਸ ਮੌਕੇ ਯੂਨੀਅਨ ਦੇ ਸਰਪ੍ਰਸਤ ਪ੍ਰਦੀਪ ਕੁਮਾਰ, ਸਕੱਤਰ ਰਜਿੰਦਰ ਕੁਮਾਰ, ਵਾਈਸ ਪ੍ਰਧਾਨ ਸਨੀ ਸੁੰਦਰ, ਸੁਰਜੀਤ ਸਿੰਘ ਭਾਗਾ, ਸੰਦੀਪ ਕੁਮਾਰ, ਭੂਸ਼ਣ ਗਿੱਲ, ਬਿਕਰਮ ਗਿੱਲ, ਸੁਖਵਿੰਦਰ ਖੋਸਲਾ, ਸੰਤੋਖ ਰਾਮ ਗਿੱਲ, ਪ੍ਰਧਾਨ ਰਾਜ ਕੁਮਾਰ, ਲਖਬੀਰ ਸਿੰਘ ਨਿੱਕਾ, ਪ੍ਰਧਾਨ ਬਲਵਿੰਦਰ ਕਲਿਆਣ, ਡਿੰਪਲ ਕੁਮਾਰ, ਹਾਕਮ ਸਿੰਘ, ਸੁਖਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਮੂਹ ਮਿਊਂਸੀਪਲ ਕਾਮਿਆਂ ਨੇ ਸ਼ਮੂਲੀਅਤ ਕੀਤੀ।

ਪਿਛਲੀ ਖ਼ਬਰ ਗੁਰਸ਼ਰਨ ਸਿੰਘ ਮਿਗਲਾਨੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਜਗਰਾਉਂ ਸ਼ਹਿਰ ਦੇ ਵਪਾਰੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਅਗਲੀ ਖ਼ਬਰ ਨਗਰ ਨਿਗਮ ਵਲੋਂ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਸੜਕ ਤੇ ਫੁੱਟਪਾਥ ਤੋਂ ਨਾਜਾਇਜ਼ ਕਬਜ਼ੇ ਹਟਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।