ਭੂੰਦੜੀ, 20 ਜੁਲਾਈ (ਕੁਲਦੀਪ ਸਿੰਘ ਮਾਨ)-ਪਿੰਡ ਮੱਧੇਪੁਰ (ਲੁਧਿਆਣਾ) ਵਿਖੇ ਗੈਰ-ਕਾਨੂੰਨੀ ਰੇਤ ਮਾਈਨਿੰਗ ਦੇ ਮਾਮਲੇ ਨੂੰ ਲੈ ਕੇ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਸੀ.ਪੀ.ਆਈ. (ਐੱਮ) ਦੇ ਆਗੂਆਂ ਅਤੇ ਇਲਾਕਾ ਵਾਸੀਆਂ ਨੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਿੰਡ ਮੱਧੇਪੁਰ ਦੀ ਗ੍ਰਾਮ ਪੰਚਾਇਤ ਨੇ ਵੀ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਕਥਿਤ ਰੇਤ ਮਾਈਨਿੰਗ ਦਾ ਵਿਰੋਧ ਜਤਾਇਆ ਹੈ। ਇਸ ਮੌਕੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਜੁਆਇੰਟ ਸਕੱਤਰ ਕਾਮਰੇਡ ਬਲਜੀਤ ਸਿੰਘ ਗੋਰਸੀਆ, ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਭੱਮੀਪੁਰ, ਜਗਜੀਤ ਸਿੰਘ ਡਾਂਗੀਆਂ, ਹਰਦਿਆਲ ਸਿੰਘ ਤਿਹਾੜਾ, ਗੁਰਮੀਤ ਸਿੰਘ ਗੋਸੂਵਾਲ, ਮਸਤਾਨ ਸਿੰਘ ਪਰਜੀਆਂ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ। ਸੀ.ਪੀ.ਆਈ. (ਐੱਮ) ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਐਮ.ਐੱਸ ਐਮ.ਕੇ.ਸੀ. ਇੰਫਰਾਸਟਰੱਕਚਰ ਲਿਮਟਿਡ ਨੂੰ ਪਹਿਲਾਂ ਹੀ ਬਲੈਕਲਿਸਟ ਕੀਤਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਇਹ ਫਰਮ ਪਿੰਡ ਮੱਧੇਪੁਰ, ਬਲੀਪੁਰ ਅਤੇ ਸਤਲੁਜ ਦਰਿਆ ਨਾਲ ਲੱਗਦੇ ਹੋਰ ਪਿੰਡਾਂ ਵਿਚ ਗੈਰ-ਕਾਨੂੰਨੀ ਢੰਗ ਨਾਲ ਰੇਤ ਦੀ ਖੁਦਾਈ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਇਸ ਮਾਮਲੇ ਨੂੰ ਲੈ ਕੇ 21 ਜੁਲਾਈ ਨੂੰ ਐਸ.ਡੀ.ਐੱਮ. ਜਗਰਾਉਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਪਿੰਡ ਮੱਧੇਪੁਰ ਦੀ ਗ੍ਰਾਮ ਪੰਚਾਇਤ ਨੇ ਵੀ ਆਪਣੇ ਮਤੇ ਵਿਚ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਗੈਰ-ਕਾਨੂੰਨੀ ਮਾਈਨਿੰਗ ਨੂੰ ਤੁਰੰਤ ਬੰਦ ਕਰਵਾਇਆ ਜਾਵੇ। ਇਸ ਮਤੇ ’ਤੇ ਸਰਪੰਚ ਹਰਜੀਤ ਕੌਰ ਸਮੇਤ ਪੰਚਾਇਤ ਮੈਂਬਰਾਂ ਨੇ ਦਸਤਖ਼ਤ ਕੀਤੇ ਹਨ। ਪ੍ਰਦਰਸ਼ਨ ਦੌਰਾਨ ਸੀ.ਪੀ.ਆਈ. (ਐੱਮ) ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ, ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ। ਇਸ ਸਬੰਧੀ ਜਦੋਂ ਖਣਨ ਵਿਭਾਗ ਦੇ ਸਬੰਧਤ ਐੱਸ.ਡੀ.ਓ. ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨਾਲ ਫੋਨ ’ਤੇ ਸੰਪਰਕ ਨਹੀਂ ਹੋ ਸਕਿਆ। ਇਸ ਮੌਕੇ ਸਰਪੰਚ ਪਰਮਜੀਤ ਕੌਰ, ਹਰਜੀਤ ਕੌਰ ਵੀਰ ਕੌਰ, ਗੁਰਮੀਤ ਕੌਰ ਪੰਚ, ਕੁਲਵਿੰਦਰ ਕੌਰ, ਦੀਵਾਨ ਸਿੰਘ, ਮਲਕੀਤ ਸਿੰਘ, ਜਸਵੀਰ ਸਿੰਘ, ਬੂਟਾ ਸਿੰਘ, ਸੰਤੋਖ ਸਿੰਘ, ਲਛਮਣ ਸਿੰਘ, ਗੁਰਦਿਆਲ ਸਿੰਘ, ਜਸਵਿੰਦਰ ਸਿੰਘ, ਗੁਰਨਾਮ ਸਿੰਘ ਆਦਿ ਹਾਜ਼ਰ ਸਨ।