ਜਗਰਾਉਂ, 21 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ) ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਚੱਲ ਰਹੀ ਮਿਉਂਸਪਲ ਕਾਮਿਆਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ 14ਵੇਂ ਦਿਨ ਵਿਚ ਦਾਖ਼ਲ ਹੋ ਗਈ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਮਿਉਂਸਪਲ ਕਾਮਿਆਂ ਦੀਆਂ ਜਾਇਜ਼ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਸੰਘਰਸ਼ ਕਰ ਰਹੇ ਮੁਲਾਜ਼ਮਾਂ ਪ੍ਰਤੀ ਤਾਨਾਸ਼ਾਹੀ ਰਵੱਈਆ ਅਪਣਾਇਆ ਜਾ ਰਿਹਾ ਹੈ, ਜਿਸ ਕਾਰਨ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਯੂਨੀਅਨ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਠੋਸ ਹੱਲ ਨਹੀਂ ਕੀਤਾ ਜਾਂਦਾ, ਹੜਤਾਲ ਕਿਸੇ ਵੀ ਹਾਲਤ ਵਿਚ ਵਾਪਸ ਨਹੀਂ ਲਈ ਜਾਵੇਗੀ। ਇਸ ਦੇ ਨਾਲ ਹੀ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰਦਿਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ ਡਿਊਟੀ ਕਰ ਰਹੇ ਉਨ੍ਹਾਂ ਕਰਮਚਾਰੀਆਂ ਨੂੰ ਵੀ ਹੜਤਾਲ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਜੋ ਅਜੇ ਤੱਕ ਸੰਘਰਸ਼ ਦਾ ਹਿੱਸਾ ਨਹੀਂ ਬਣੇ। ਯੂਨੀਅਨ ਆਗੂਆਂ ਨੇ ਦੱਸਿਆ ਕਿ 81 ਜਥੇਬੰਦੀਆਂ ਨੇ ਇਸ ਲੜਾਈ ਵਿਚ ਸਾਥ ਦੇਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਸੰਘਰਸ਼ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਲੜਾਈ ਹੁਣ ਸਿਰਫ਼ ਮਿਉਂਸਪਲ ਕਾਮਿਆਂ ਦੀ ਨਹੀਂ, ਸਗੋਂ ਹਰ ਮਿਹਨਤਕਸ਼ ਵਰਗ ਦੀ ਇੱਜ਼ਤ ਅਤੇ ਹੱਕਾਂ ਦੀ ਲੜਾਈ ਬਣ ਚੁੱਕੀ ਹੈ। ਇਸੇ ਰੋਸ ਦੇ ਪ੍ਰਗਟਾਵੇ ਵਜੋਂ ਅੱਜ ਲੋਕਲ ਬਾਡੀ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕਾ ਨੰਗਲ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਮਿਉਂਸਪਲ ਕਾਮੇ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰੀ ਦੀ ਹੋਵੇਗੀ।
ਮੁੱਖ ਮੰਤਰੀ ਦਾ ਪੁਤਲਾ ਫੂਕਿਆ, ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ-ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ
ਅਜੀਤ ਡੈਸਕ
22-07-2026