ਜਗਰਾਉਂ, 21 ਜੁਲਾਈ (ਗੁਰਦੀਪ ਸਿੰਘ ਮਲਕ) ਭਾਰਤੀ ਕਿਸਾਨ ਯੂਨੀਅਨ (ਲੱਖੋਵਲ) ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹਰੀ ਸਿੰਘ ਕੈਂਟ ਖਾਲਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ 27 ਜੁਲਾਈ ਨੂੰ ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਲੁਧਿਆਣਾ ਵਿਚ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਹੋਰ ਜਨਤਕ ਜਥੇਬੰਦੀਆਂ ਵੀ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਭਾਰਤ-ਅਮਰੀਕਾ ਵਪਾਰ ਸਮਝੌਤੇ, ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਅਤੇ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਆਗੂਆਂ ਨੇ ਮੰਗ ਕੀਤੀ ਕਿ ਡਾ. ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ, ਆਵਾਰਾ ਪਸ਼ੂਆਂ ਅਤੇ ਨੀਲਗਾਈ ਤੋਂ ਫ਼ਸਲਾਂ ਦੀ ਸੁਰੱਖਿਆ ਲਈ ਸਰਕਾਰ ਠੋਸ ਪ੍ਰਬੰਧ ਕਰੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੂਹ ਕਰਜ਼ੇ ਮੁਆਫ਼ ਕੀਤੇ ਜਾਣ ਅਤੇ 55 ਸਾਲ ਤੋਂ ਵੱਧ ਉਮਰ ਦੇ ਹਰ ਔਰਤ ਅਤੇ ਮਰਦ ਨੂੰ 10,000 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇ। ਮੀਟਿੰਗ ਨੂੰ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਚੰਨ ਸਿੰਘ, ਰਵਿੰਦਰ ਸਿੰਘ ਸੋਢੀ, ਦਰਸ਼ਨ ਸਿੰਘ, ਹਰੀ ਸਿੰਘ, ਦਰਬਾਰਾ ਸਿੰਘ ਖਹਿਰਾ, ਸੁਖਜਿੰਦਰ ਸਿੰਘ, ਜਸਵੰਤ ਸਿੰਘ, ਰਾਜਿੰਦਰ ਸਿੰਘ, ਹਰਬੰਸ ਸਿੰਘ, ਕਮਲ ਰੂਪ, ਮਨਜੀਤ ਸਿੰਘ, ਸੋਹਣ ਸਿੰਘ, ਅਜੀਤ ਸਿੰਘ ਕੋਠੀਆ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਸਮੂਹ ਕਿਸਾਨਾਂ ਅਤੇ ਮਜ਼ਦੂਰਾਂ ਨੂੰ 27 ਜੁਲਾਈ ਦੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।