ਜਗਰਾਉਂ, 29 ਜੁਲਾਈ (ਸ਼ਮਸ਼ੇਰ ਸਿੰਘ ਗਾਲਿਬ)- ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਦਾ ਮਨੋਬਲ ਵਧਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲ ’ਤੇ ਜਗਰਾਉਂਂ ਹਲਕੇ ਦੇ 21 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ‘ਟੋਕਨ ਆਫ਼ ਲਵ’ ਵਜੋਂ ਸਕੂਲ ਬੈਗ ਵੰਡੇ ਗਏ। ਇਸ ਮੌਕੇ ਵਿਦਿਆਰਥੀਆਂ ਵਿਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਉਹ ਆਪਣੀ ਪੜ੍ਹਾਈ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਜਾਰੀ ਰੱਖਣ, ਕਿਉਂਕਿ ਸਿੱਖਿਆ ਹੀ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਮਜ਼ਬੂਤ ਨੀਂਹ ਹੈ। ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਹਰ ਪੜਾਅ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਸਰਕਾਰ ਵਲੋਂ ਹੁਣ ਤੱਕ ਲਗਭਗ 68 ਹਜ਼ਾਰ ਤੋਂ 70 ਹਜ਼ਾਰ ਯੋਗ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਬੈਗ ਪ੍ਰਾਪਤ ਕਰਨ ਉਪਰੰਤ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਸਪੱਸ਼ਟ ਨਜ਼ਰ ਆਈ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਹੋਰ ਵੱਧ ਮਿਹਨਤ ਕਰਕੇ ਆਪਣੀਆਂ ਮੰਜ਼ਿਲਾਂ ਹਾਸਲ ਕਰਨਗੇ ਅਤੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਆਪਣਾ ਯੋਗਦਾਨ ਪਾਉਣਗੇ। ਇਸ ਸਮੇਂ ਹਲਕਾ ਵਿਧਾਇਕਾ ਬੀਬੀ ਮਾਣੂੰਕੇ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਖੇਡਾਂ ਲਈ ਵਿਦਿਆਰਥੀਆਂ ਲਈ ਫ਼ੰਡ ਰੱਖੇ ਗਏ ਹਨ ਤਾਂ ਕਿ ਵਿਦਿਆਰਥੀ ਵੱਡੀਆਂ ਮੱਲਾਂ ਮਾਰ ਸਕਣ। ਇਸ ਮੌਕੇ ਹਲਕਾ ਯੂਥ ਪ੍ਰਧਾਨ ਪਰਮਿੰਦਰ ਸਿੰਘ, ਐਜੂਕੇਸ਼ਨ ਕੋਆਰਡੀਨੇਟਰ ਮਾਸਟਰ ਪਰਮਿੰਦਰ ਸਿੰਘ, ਚੇਅਰਮੈਨ ਦਿਨੇਸ਼ ਖੰਨਾ ਸਮੇਤ ਵੱਖ-ਵੱਖ ਅਹੁਦੇਦਾਰ, ਪਤਵੰਤੇ ਸੱਜਣ ਅਤੇ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।