ਜਗਰਾਉਂ, 30 ਜੁਲਾਈ (ਗੁਰਦੀਪ ਸਿੰਘ ਮਲਕ)- ਜਗਰਾਉਂ-ਲੁਧਿਆਣਾ ਕੌਮੀ ਮਾਰਗ ’ਤੇ ਪਹਿਲਵਾਨ ਢਾਬੇ ਤੋਂ ਅੱਗੇ ਸੇਮ ਨਾਲ਼ੇ ਕੋਲ ਵੀਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਚਾਲਕ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਮੋਗਾ ਤੋਂ ਲੁਧਿਆਣਾ ਵੱਲ ਜਾ ਰਹੀ ਇੱਕ ਸੈਲੇਰੀਓ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੈਲੇਰੀਓ ਕਾਰ ਵਿੱਚ ਪਿੰਡ ਮਚਾਕੀ ਮਲ ਸਿੰਘ, ਜ਼ਿਲ੍ਹਾ ਫ਼ਰੀਦਕੋਟ ਦੇ ਰਹਿਣ ਵਾਲਾ ਕੁਲਵਿੰਦਰ ਸਿੰਘ ਪੁੱਤਰ ਤਾਰਾ ਸਿੰਘ ਆਪਣੀ ਪਤਨੀ ਕਿਰਨਜੀਤ ਕੌਰ ਨਾਲ ਸਵਾਰ ਸੀ। ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਚਾਲਕ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਜਗਰਾਉਂ ਲਿਆਂਦਾ ਗਿਆ, ਪਰ ਡਾਕਟਰ ਉਸ ਦੀ ਜਾਨ ਨਾ ਬਚਾ ਸਕੇ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਦਕਿ ਉਸ ਦੀ ਪਤਨੀ ਕਿਰਨਜੀਤ ਕੌਰ ਦਾ ਸਿਵਲ ਹਸਪਤਾਲ ਵਿੱਚ ਇਲਾਜ ਜਾਰੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਬੱਸ ਸਟੈਂਡ ਚੌਂਕੀ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੱਸ ਸਟੈਂਡ ਚੌਂਕੀ ਦੇ ਇੰਚਾਰਜ ਏ.ਐੱਸ.ਆਈ. ਆਤਮਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਜਗਰਾਉਂ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ: ਡਿਵਾਈਡਰ ਨਾਲ ਟਕਰਾਈ ਕਾਰ, ਚਾਲਕ ਦੀ ਮੌਤ, ਪਤਨੀ ਜ਼ਖ਼ਮੀ
ਅਜੀਤ ਡੈਸਕ
31-07-2026