ਸਾਰੀਆਂ ਸਿਆਸੀ ਪਾਰਟੀਆਂ ਨੇ ਘੱਟ ਗਿਣਤੀਆਂ ਦੇ ਹੱਕਾਂ ਨੂੰ ਕੀਤਾ ਅਣਦੇਖਿਆ, 1947 ਤੋਂ ਜਾਰੀ ਹੈ ਸੰਘਰਸ਼ : ਦਿਲਬਰ ਮੁਹੰਮਦ ਖਾਨ
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਦੇਸ਼ ਅਤੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇੱਕ ਪ੍ਰੈਸ ਕਾਂਨਫਰੈਂਸ ਦੇ ਦੌਰਾਨ ਉਨ੍ਹਾਂ ਕਿਹਾ ਕਿ 1947 ਦੀ ਵੰਡ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਘੱਟ ਗਿਣਤੀ ਵਰਗਾਂ ਦੇ ਹੱਕਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਗਿਆ ਹੈ।
ਖੰਨਾ, 9 ਅਗਸਤ (ਹਰਜਿੰਦਰ ਸਿੰਘ ਲਾਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਸਾਬਕਾ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਦੇਸ਼ ਅਤੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਇੱਕ ਪ੍ਰੈਸ ਕਾਂਨਫਰੈਂਸ ਦੇ ਦੌਰਾਨ ਉਨ੍ਹਾਂ ਕਿਹਾ ਕਿ 1947 ਦੀ ਵੰਡ ਤੋਂ ਲੈ ਕੇ ਹੁਣ ਤੱਕ ਪੰਜਾਬ ਦੇ ਘੱਟ ਗਿਣਤੀ ਵਰਗਾਂ ਦੇ ਹੱਕਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਗਿਆ ਹੈ। ਘੱਟ ਗਿਣਤੀ ਭਾਈਚਾਰੇ ਦੇ ਲੋਕ ਅੱਜ ਵੀ ਆਪਣੇ ਬੁਨਿਆਦੀ ਹੱਕਾਂ ਦੀ ਪ੍ਰਾਪਤੀ ਲਈ ਲੜਾਈ ਲੜਨ ਲਈ ਮਜਬੂਰ ਹਨ।2017 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੱਲਬਾਤ ਕਰਦਿਆਂ ਦਿਲਬਰ ਮੁਹੰਮਦ ਖਾਨ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਸਮੇਤ ਹੋਰ ਸਾਰੀਆਂ ਸਿਆਸੀ ਧਿਰਾਂ ਨੇ ਘੱਟ ਗਿਣਤੀ ਵਰਗ ਨੂੰ ਸਿਰਫ ਵੋਟ ਬੈਂਕ ਵਜੋਂ ਹੀ ਵਰਤਿਆ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿੱਚੋਂ ਸਿਰਫ਼ ਮਲੇਰਕੋਟਲਾ ਸੀਟ ਨੂੰ ਛੱਡ ਕੇ ਬਾਕੀ ਕਿਸੇ ਵੀ ਹਲਕੇ ਵਿੱਚ ਘੱਟ ਗਿਣਤੀ ਭਾਈਚਾਰੇ ਨੂੰ ਸਿਆਸੀ ਨੁਮਾਇੰਦਗੀ ਨਹੀਂ ਦਿੱਤੀ ਗਈ, ਜੋ ਕਿ ਇਨ੍ਹਾਂ ਵਰਗਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਮੁਸਲਮਾਨਾਂ ਦੇ ਵਕਫ਼ ਬੋਰਡ ਵਰਗੇ ਧਾਰਮਿਕ ਅਤੇ ਪ੍ਰਸ਼ਾਸਕੀ ਅਦਾਰਿਆਂ ਵਿੱਚ ਵੀ ਹੋਰਨਾਂ ਵਰਗਾਂ ਨਾਲ ਸੰਬੰਧਿਤ ਲੋਕਾਂ ਦੀ ਸਿੱਧੇ ਤੌਰ ’ਤੇ ਸ਼ਮੂਲੀਅਤ ਰਹਿੰਦੀ ਹੈ, ਜਿਸ ਨਾਲ ਘੱਟ ਗਿਣਤੀਆਂ ਦੇ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ। ਦਿਲਬਰ ਮੁਹੰਮਦ ਖਾਨ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਘੱਟ ਗਿਣਤੀ ਵਰਗਾਂ ਨੂੰ ਬਰਾਬਰ ਦੀ ਨੁਮਾਇੰਦਗੀ ਅਤੇ ਉਨ੍ਹਾਂ ਦੇ ਬਣਦੇ ਹੱਕ ਨਾ ਦਿੱਤੇ ਗਏ, ਤਾਂ ਘੱਟ ਗਿਣਤੀ ਭਾਈਚਾਰਾ ਇਕਜੁੱਟ ਹੋ ਕੇ ਚੋਣਾਂ ਵਿੱਚ ਆਪਣੀ ਤਾਕਤ ਦਿਖਾਏਗਾ ਅਤੇ ਅਜਿਹੀਆਂ ਪਾਰਟੀਆਂ ਦਾ ਵਿਰੋਧ ਕਰਨ ਤੋਂ ਗੁਰੇਜ਼ ਨਹੀਂ ਕਰੇਗਾ।