ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜੀ. ਐੱਚ. ਜੀ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਗੁਰੂਸਰ ਸੁਧਾਰ ਵਿਖੇ ਦੀਵਾਲੀ ਤਿਉਹਾਰ ਦਾ ਜਸ਼ਨ ਕਾਲਜ ਵਿਦਿਆਰਥੀਆਂ ਵਲੋਂ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਸਮਾਗਮ ਦਾ ਰਸਮੀ ਉਦਘਾਟਨ ਡਿਗਰੀ ਕਾਲਜ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਆਪਣੇ ਸੰਬੋਧਨ ਵਿਚ ਪ੍ਰਿੰਸੀਪਲ ਡਾ. ਰਾਜਿੰਦਰ ਸਿੰਘ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ ਜੋ ਅਧਿਆਤਮਿਕ ਹਨੇਰੇ ਤੇ ਅੰਦਰੂਨੀ ਚਾਨਣ ਦੀ ਜਿੱਤ ਦਾ ਪ੍ਰਤੀਕ ਹੈ। ਦੀਵਾ ਚੰਗਿਆਈ ਤੇ ਪਵਿੱਤਰਤਾ ਨੂੰ ਦਰਸਾਉਂਦਾ ਹੈ ਤੇ ਦੀਵੇ ਜਗਾਉਣ ਦਾ ਅਰਥ ਹੈ ਹਨੇਰੇ ਨੂੰ ਦੂਰ ਕਰਨਾ ਅਤੇ ਚਾਨਣ ਵੱਲ ਵਧਣਾ। ਇਸ ਮੌਕੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਰੌਸ਼ਨੀਆਂ ਦੇ ਇਸ ਤਿਉਹਾਰ ਨੂੰ ਮਨਾਉਣ ਲਈ ਵਿਦਿਆਰਥੀਆਂ ਵਲੋਂ ਦੀਵੇ, ਮੋਮਬੱਤੀਆਂ, ਸਜਾਵਟੀ ਸਮਾਨ, ਖਾਣ-ਪੀਣ ਦੀਆਂ ਚੀਜ਼ਾਂ ਅਤੇ ਖੇਡਾਂ ਦੇ ਸਟਾਲ ਲਗਾਏ ਗਏ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ ਅਤੇ ਵਿਦਿਆਰਥੀਆਂ ਲਈ ਇਹ ਇਕ ਬਹੁਤ ਵਧੀਆ ਤਜ਼ਰਬਾ ਰਿਹਾ ਜਿਸ ਦੌਰਾਨ ਉਨ੍ਹਾਂ ਨੂੰ ਆਪਣੀ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲਿਆ। ਇਸ ਜਸ਼ਨ ਨੇ ਵਿਦਿਆਰਥੀਆਂ ਦੇ ਦਿਲਾਂ ਵਿਚ ਦੀਵਾਲੀ ਦੀ ਭਾਵਨਾ ਭਰ ਦਿੱਤੀ ਅਤੇ ਉਨ੍ਹਾਂ ਨੇ ਪੂਰੇ ਦਿਲੋਂ ਇਸ ਤਿਉਹਾਰ ਦਾ ਆਨੰਦ ਮਾਣਿਆ। ਇਸ ਮੌਕੇ ਫਾਰਮੇਸੀ ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਖਦ ਭਵਿੱਖ ਦੀ ਕਾਮਨਾ ਕਰਦਿਆਂ ਵਿਦਿਆਰਥੀਆਂ ਨੂੰ ਸਵੱਛ ਤੇ ਹਰੀ-ਭਰੀ (ਵਾਤਾਵਰਣ-ਅਨੁਕੂਲ) ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ।