ਨਵਾਂਸ਼ਹਿਰ, 12 ਫਰਵਰੀ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਕਾਂਗਰਸੀ ਪ੍ਰਧਾਨ ਅਜੇ ਮੰਗੂਪੁਰ ਨੇ ਅੱਜ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੜੀ ਆਲੋਚਨਾ ਕਰਦਿਆਂ ਇਸ ਨੂੰ ਕਿਸਾਨ ਵਿਰੋਧੀ ਅਤੇ ਪੰਜਾਬ ਅਤੇ ਦੇਸ਼ ਦੀ ਖੇਤੀਬਾੜੀ ਅਰਥਵਿਵਸਥਾ ਲਈ ਗੰਭੀਰ ਖਤਰਾ ਕਰਾਰ ਦਿੱਤਾ | ਇਸ ਸੰਬੰਧੀ ਉਨ੍ਹਾਂ ਕੇਂਦਰੀ ਟ੍ਰੇਡ ਯੂਨੀਅਨ ਅਤੇ ਕਿਸਾਨ ਯੂਨੀਅਨ ਵੱਲੋਂ ਦਿੱਤੇ ਭਾਰਤ ਬੰਦ ਦੌਰਾਨ ਨਵਾਂਸ਼ਹਿਰ ਵਿਖੇ ਧਰਨੇ ਵਿੱਚ ਬਲਵਿੰਦਰ ਭੂੰਬਲਾ ਮੀਤ ਪ੍ਰਧਾਨ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵੱਲੋਂ ਸਮਰਥਨ ਦਿੱਤਾ | ਅਜੇ ਮੰਗੂਪੁਰ ਨੇ ਕਿਹਾ ਕਿ ਅਮਰੀਕਾ ਤੋਂ ਸਬਸਿਡੀ ਪ੍ਰਾਪਤ ਖੇਤੀ ਉਤਪਾਦਾਂ ਦੀ ਵਧੀ ਹੋਈ ਆਯਾਤ ਦੀ ਇਜਾਜ਼ਤ ਦੇਣ ਵਾਲਾ ਕੋਈ ਵੀ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ, ਕਿਉਂਕਿ ਅਮਰੀਕੀ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਸਰਕਾਰੀ ਸਬਸਿਡੀਆਂ, ਆਧੁਨਿਕ ਸਹੂਲਤਾਂ ਅਤੇ ਪੱਕੀ ਮਾਰਕੀਟ ਸੁਰੱਖਿਆ ਪ੍ਰਾਪਤ ਹੈ | ਉਨ੍ਹਾਂ ਕਿਹਾ, ਸਾਡੇ ਕਿਸਾਨ ਪਹਿਲਾਂ ਹੀ ਵਧ ਰਹੀਆਂ ਲਾਗਤਾਂ, ਐਮ.ਐਸ.ਪੀ ਦੇ ਸੀਮਿਤ ਵਿਸਥਾਰ ਅਤੇ ਵਧਦੇ ਕਰਜ਼ੇ ਦੇ ਬੋਝ ਹੇਠ ਹਨ | ਉਹ ਅਮਰੀਕਾ ਦੀ ਭਾਰੀ ਸਬਸਿਡੀ ਵਾਲੀ ਖੇਤੀ ਨਾਲ ਮੁਕਾਬਲਾ ਨਹੀਂ ਕਰ ਸਕਦੇ | ਅਜੇ ਮੰਗੂਪੁਰ ਨੇ ਦੁਹਰਾਇਆ ਕਿ ਕਾਂਗਰਸ ਪਾਰਟੀ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਕਿਸੇ ਵੀ ਅਜੇਹੇ ਵਪਾਰ ਸਮਝੌਤੇ ਦਾ ਡਟ ਕੇ ਵਿਰੋਧ ਕਰੇਗੀ ਜੋ ਭਾਰਤ ਦੀ ਖਾਦ ਸੁਰੱਖਿਆ ਨੂੰ ਨੁਕਸਾਨ ਪਹੁੰਚਾਏ, ਐਮ.ਐਸ.ਪੀ ਪ੍ਰਣਾਲੀ ਨੂੰ ਕੰਮਜ਼ੋਰ ਕਰੇ ਜਾਂ ਕਿਸਾਨਾਂ ਦੇ ਆਰਥਿਕ ਹਿੱਤਾਂ ਨੂੰ ਹਾਨੀ ਪਹੁੰਚਾਏ |
ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨ ਵਿਰੋਧੀ- ਅਜੇ ਮੰਗੂਪੁਰ
ਅਜੀਤ ਡੈਸਕ
13-02-2026