ਨਵਾਂਸ਼ਹਿਰ, 13 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੱਦੇ 'ਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਦੇ ਵਫਦ ਵਲੋਂ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਵਫਦ ਵਿੱਚ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਸੁਰਿੰਦਰ ਸਿੰਘ ਸੋਇਤਾ, ਵਿਜੇ ਕੁਮਾਰ, ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਅਸ਼ਵਨੀ ਕੁਮਾਰ, ਸ਼ਿੰਗਾਰਾ ਸਿੰਘ, ਪੁਸ਼ਪਿੰਦਰ ਕੁਮਾਰ, ਅਮਰੀਕ ਸਿੰਘ, ਰਾਮ ਪਾਲ, ਮਦਨ ਲਾਲ, ਸਵਰਨ ਦਾਸ ਆਦਿ ਸ਼ਾਮਿਲ ਸਨ | ਪੈਨਸ਼ਨਰ ਆਗੂਆਂ ਨੇ ਮੰਗਾਂ ਸਬੰਧੀ ਦੱਸਿਆ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ 31 ਦਸੰਬਰ 2015 ਨੂੰ ਮਿਲਦੀ ਬੇਸਕ ਪੈਨਸ਼ਨ ਵਿੱਚ 01 ਜਨਵਰੀ 2016 ਨੂੰ ਬਣਦੇ 125 ਫੀਸਦੀ ਮਹਿੰਗਾਈ ਭੱਤਾ ਜੋੜ ਕੇ 15 ਫੀਸਦੀ ਦਾ ਵਾਧਾ ਦਿੰਦਿਆਂ 2.59 ਦੇ ਗੁਣਾਂਕ ਨਾਲ ਪੈਨਸ਼ਨ ਸੋਧੀ ਜਾਵੇ, ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਪੱਤਰਾਂ ਅਨੁਸਾਰ 2.59 ਦੇ ਪੇਅ ਮੈਟਿ੍ਕਸ ਅਨੁਸਾਰ ਟੇਬਲ ਤਿਆਰ ਕਰਕੇ ਨੋਸ਼ਨਲ ਅਧਾਰ 'ਤੇ ਤਨਖਾਹ ਫਿਕਸ ਕਰਨ ਉਪਰੰਤ 50 ਫੀਸਦੀ ਪੈਨਸ਼ਨ ਦਾ ਟੇਬਲ ਜਾਰੀ ਕੀਤਾ ਜਾਵੇ | 1 ਜਨਵਰੀ 2016 ਤੋਂ ਪਹਿਲਾਂ ਅਤੇ ਬਾਅਦ ਵਿੱਚ ਰਿਟਾਇਰ ਹੋਏ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ ਦਾ ਏਰੀਅਰ 42 ਕਿਸ਼ਤਾਂ ਵਿੱਚ ਦੇਣ ਦੀ ਬਜਾਏ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਰਿਟਾਇਰਡ ਜੁਡੀਸ਼ੀਅਲ ਅਫਸਰਾਂ ਨੂੰ ਸੋਧੀ ਹੋਈ ਪੈਨਸ਼ਨ ਦੇ ਅਦਾ ਕੀਤੇ ਬਕਾਏ ਦੇ ਪੈਟਰਨ 'ਤੇ ਅਦਾ ਕੀਤਾ ਜਾਵੇ | 01 ਜੁਲਾਈ 2023 ਤੋਂ 01 ਜੁਲਾਈ 2025 ਤੱਕ 5 ਕਿਸ਼ਤਾਂ ਦਾ 16 ਫੀਸਦੀ ਮਹਿੰਗਾਈ ਭੱਤਾ ਅਤੇ 01 ਜੁਲਾਈ 2021 ਤੋਂ 31 ਜਨਵਰੀ 2026 ਤੱਕ 158 ਮਹੀਨਿਆਂ ਦਾ ਮਹਿੰਗਾਈ ਭੱਤੇ ਦੀਆਂ ਵੱਖ-ਵੱਖ ਕਿਸ਼ਤਾਂ ਦਾ ਰਹਿੰਦਾ ਬਕਾਇਆ ਤੁਰੰਤ ਅਦਾ ਕੀਤਾ ਜਾਵੇ | ਪੰਜਾਬ ਕੇਡਰ ਦੇ ਆਈ.ਏ.ਐਸ, ਆਈ.ਪੀ ਐਸ, ਆਈ.ਐਫ.ਐਸ ਅਧਿਕਾਰੀਆਂ ਅਤੇ ਜੁਡੀਸ਼ੀਅਲ ਅਫਸਰਾਂ/ਰਿਟਾਇਰਡ ਜੁਡੀਸ਼ੀਅਲ ਅਫਸਰਾਂ (ਜੱਜ ਸਾਹਿਬਾਨ) ਦੇ ਪੈਟਰਨ ਅਤੇ ਕੇਂਦਰ ਸਰਕਾਰ ਦੀ ਤਰਜ 'ਤੇ ਭਵਿੱਖ ਵਿੱਚ ਪੈਨਸ਼ਨਰਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਮਹਿੰਗਾਈ ਭੱਤੇ ਦੀ ਅਦਾਇਗੀ ਕੀਤੀ ਜਾਵੇ |