ਨਵਾਂਸ਼ਹਿਰ, 13 ਫਰਵਰੀ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵਲੋਂ ਜ਼ਿਲ੍ਹੇ ਵਿੱਚ ਪੀ.ਸੀ.-ਪੀ.ਐੱਨ.ਡੀ.ਟੀ. ਦੀ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਕੀਤੀ ਗਈ | ਇਸ ਦੌਰਾਨ ਪੰਜ ਨਿੱਜੀ ਅਲਟਰਾਸਾਊਾਡ ਸਕੈਨ ਸੈਂਟਰਾਂ ਦੀ ਜਾਂਚ ਦੌਰਾਨ ਸਾਰੇ ਸਕੈਨ ਸੈਂਟਰਾਂ 'ਚ ਰੱਖੇ ਜਾਣ ਵਾਲੇ ਲਾਜ਼ਮੀ ਰਿਕਾਰਡਾਂ, ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਨੂੰ ਬਾਰੀਕੀ ਨਾਲ ਘੋਖਿਆ ਗਿਆ | ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਗਿਆ ਕਿ ਹਰ ਸੈਂਟਰ 'ਤੇ ਪੀ.ਐੱਨ.ਡੀ.ਟੀ. ਐਕਟ ਅਧੀਨ ਲਾਜ਼ਮੀ ਸਾਈਨਬੋਰਡ ਸਪੱਸ਼ਟ ਤੌਰ 'ਤੇ ਲੱਗੇ ਹੋਏ ਹਨ ਅਤੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ | ਇਸ ਸੰਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਅਧੀਨ ਗਰਭ 'ਚ ਲਿੰਗ-ਪਛਾਣ ਕਰਨਾ ਕਾਨੂੰਨੀ ਤੌਰ 'ਤੇ ਗੰਭੀਰ ਅਪਰਾਧ ਹੈ ਅਤੇ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਅਜਿਹੀਆਂ ਅਚਨਚੇਤ ਜਾਂਚਾਂ ਜਾਰੀ ਰਹਿਣਗੀਆਂ ਤਾਂ ਜੋ ਜ਼ਿਲ੍ਹੇ 'ਚ ਲਿੰਗ ਅਨੁਪਾਤ ਨੂੰ ਸੁਧਾਰਿਆ ਜਾ ਸਕੇ | ਉਨ੍ਹਾਂ ਨੇ ਸਾਰੇ ਅਲਟਰਾਸਾਊਾਡ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਸਾਰੇ ਰਿਕਾਰਡ ਅਪਡੇਟ ਰੱਖਣ, ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ | ਇਸ ਮੌਕੇ ਕਾਰਜਕਾਰੀ ਪੀ.ਐੱਨ.ਡੀ.ਟੀ. ਕੋਆਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਸਨ |