• ਘੱਟੋ-ਘੱਟ 18000 ਰੁਪਏ ਮਿਹਨਤਾਨੇ ਦੀ ਮੰਗ
ਨਵਾਂਸ਼ਹਿਰ, 17 ਫਰਵਰੀ (ਜਸਬੀਰ ਸਿੰਘ ਨੂਰਪੁਰ)-ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਿਡ-ਡੇ-ਮੀਲ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਰਿੰਪੀ ਰਾਣੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮਿੱਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਮਿੱਡ-ਡੇ-ਮੀਲ ਵਰਕਰਾਂ ਦੀਆਂ ਮੰਗਾਂ ਦਾ ਨਿਪਟਾਰਾ ਕਰਨ ਲਈ ਗੰਭੀਰਤਾ ਨਾ ਦਿਖਾਉਣ ਸਬੰਧੀ ਮਿੱਡ-ਡੇ-ਮੀਲ ਵਰਕਰਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਿੱਡ ਡੇ ਮੀਲ ਵਰਕਰਾਂ ਨੂੰ ਰੈਗੂਲਰ ਕਰਨ ਤੱਕ 18000 ਰੁਪਏ ਮਹੀਨਾ ਮਿਹਨਤਾਨਾ ਤਾਂ ਪੰਜਾਬ ਸਰਕਾਰ ਨੇ ਕੀ ਦੇਣਾ ਸੀ, ਸਗੋਂ ਚਾਰ ਸਾਲਾਂ ਤੋਂ ਵੱਧ ਸਮਾਂ ਲੰਘ ਜਾਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਆਪਣੇ ਕੀਤੇ ਚੋਣ ਵਾਅਦੇ ਅਨੁਸਾਰ ਮਿੱਡ-ਡੇ-ਮੀਲ ਵਰਕਰਾਂ ਦਾ ਮਿਹਨਤਾਨਾ ਦੁੱਗਣਾ ਕਰਨ ਅਤੇ ਲਾਗੂ ਕਰਨ ਲਈ ਕੋਈ ਵੀ ਯੋਗ ਕਾਰਵਾਈ ਅਜੇ ਤੱਕ ਨਹੀਂ ਕੀਤੀ, ਜਿਸ ਕਰਕੇ ਸਮੁੱਚੇ ਪੰਜਾਬ ਦੀਆਂ ਮਿਡ-ਡੇ-ਮੀਲ ਵਰਕਰਾਂ ਦੇ ਮਨਾਂ ਵਿੱਚ ਪੰਜਾਬ ਸਰਕਾਰ ਦੇ ਪ੍ਰਤੀ ਗੁੱਸੇ ਅਤੇ ਨਫ਼ਰਤ ਦੀ ਭਾਵਨਾ ਭਰੀ ਪਈ ਹੈ | ਰੋਸ ਪ੍ਰਦਰਸ਼ਨ ਵਿੱਚ ਕਮਲਜੀਤ ਕੌਰ, ਸੁਨੀਤਾ ਰਾਣੀ, ਬੀਨਾ, ਬਲਜੀਤ ਕੌਰ ਰਾਹੋਂ, ਦਲਜੀਤ ਕੌਰ, ਰਾਜ ਰਾਣੀ, ਬਲਜੀਤ ਚੱਕ ਰਾਮੂ, ਕਵਿਤਾ ਬੰਗਾ, ਮਨਜੀਤ ਕੌਰ, ਊਸ਼ਾ ਰਾਣੀ, ਨਿਰਮਲਾ, ਨੀਲਮ ਆਦਿ ਅਤੇ ਪੈਨਸ਼ਨਰ ਸਾਥੀ ਕਰਨੈਲ ਸਿੰਘ ਰਾਹੋਂ, ਜੀਤ ਲਾਲ ਗੋਹਲੜੋਂ, ਜੋਗਾ ਸਿੰਘ, ਨਿਰਮਲ ਦਾਸ ਆਦਿ ਭਰਾਤਰੀ ਤੌਰ 'ਤੇ ਸ਼ਾਮਿਲ ਸਨ |
ਮਿਡ-ਡੇ-ਮੀਲ ਵਰਕਰਾਂ ਨੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਅਜੀਤ ਡੈਸਕ
18-02-2026