ਔੜ/ਝਿੰਗੜਾਂ, 17 ਫਰਵਰੀ (ਕੁਲਦੀਪ ਸਿੰਘ ਝਿੰਗੜ)-ਇੱਥੋਂ ਨੇੜਲੇ ਪਿੰਡ ਰਾਏਪੁਰ ਡੱਬਾ ਵਿਖੇ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਪਿੰਡ ਵਾਸੀਆਂ ਅਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪੁੱਜਾ | ਵੱਖ-ਵੱਖ ਰਸਤਿਆਂ ਵਿੱਚ ਨਗਰ ਕੀਰਤਨ ਦਾ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਲਗਾਏ ਗਏ ਵੱਖ-ਵੱਖ ਪੜਾਵਾਂ ਵਿੱਚ ਪੰਥ ਪ੍ਰਸਿੱਧ ਕੀਰਤਨੀ, ਢਾਡੀ ਜਥਿਆਂ ਵਲੋਂ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਥੇ ਨਗਰ ਕੀਰਤਨ ਮਗਰ ਚੱਲ ਰਹੀਆਂ ਸੰਗਤਾਂ ਵਲੋਂ ਵੀ ਸਤਿਗੁਰਾਂ ਦੀ ਉਪਮਾ 'ਚ ਸ਼ਬਦ ਗਾਇਨ ਕੀਤੇ ਗਏ | ਸੇਵਾਦਾਰਾਂ ਵਲੋਂ ਸੰਗਤਾਂ ਨੂੰ ਫ਼ਲ ਫਰੂਟ, ਚਾਹ ਪਕੌੜਿਆਂ ਦੇ ਲੰਗਰ ਛਕਾਏ ਗਏ ਉਥੇ ਸਮਾਜ ਸੇਵੀ ਐਨ. ਆਰ. ਆਈ. ਸੁੱਚਾ ਸਿੰਘ ਯੂ. ਐਸ. ਏ ਰਾਏਪੁਰ ਡੱਬਾ ਪੁੱਤਰ ਭੁੱਲਾ ਸਿੰਘ ਰਾਏਪੁਰ ਡੱਬਾ ਯੂ. ਐਸ. ਏ ਦੇ ਪਰਿਵਾਰ ਵਲੋਂ ਨਗਰ ਕੀਰਤਨ ਦਾ ਸਤਿਕਾਰ ਕਰਦਿਆਂ ਰੁਮਾਲਾ ਸਾਹਿਬ ਭੇਟ ਕਰਕੇ ਸੰਗਤਾਂ ਨੂੰ ਬਿਸਕੁਟਾਂ ਦਾ ਪ੍ਰਸ਼ਾਦ ਵਰਤਾਇਆ ਗਿਆ | ਪ੍ਰਬੰਧਕ ਕਮੇਟੀ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਸਮੂਹ ਸੰਗਤਾਂ ਨੂੰ ਸਤਿਗੁਰਾਂ ਦੇ ਗੁਰਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਸਮੂਹ ਪ੍ਰਬੰਧਕਾਂ ਵਲੋਂ ਕੀਰਤਨੀ, ਢਾਡੀ ਜਥਿਆਂ, ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ 18 ਫਰਵਰੀ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਕੀਰਤਨੀ ਜਥੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਨਗਰ ਕੀਰਤਨ ਵਿਚ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਮੈਂਬਰਾਂ ਤੋਂ ਇਲਾਵਾ ਪਿੰਡ ਤੇ ਇਲਾਕਾ ਨਿਵਾਸੀ ਅਤੇ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਭਾਰੀ ਗਿਣਤੀ ਵਿੱਚ ਸ਼ਾਮਿਲ ਸਨ |