ਪੋਜੇਵਾਲ ਸਰਾਂ, 27 ਫਰਵਰੀ (ਨਵਾਂਗਰਾਈਾ)-ਕਿਲ੍ਹਾ ਅਨੰਦਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿਛਲੇ ਦੋ ਸਾਲ ਤੋਂ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਗੜ੍ਹਸ਼ੰਕਰ ਮਾਰਗ ਦੇ ਟੋਟੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਟੋਟੇ ਨੂੰ ਚਾਰ ਮਾਰਗੀ ਕਰਨ ਦੀ ਕਾਰ ਸੇਵਾ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਜਿੱਥੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਇਸ ਮਾਰਗ ਦੀ ਸੇਵਾ ਕੀਤੀ ਜਾ ਰਹੀ ਹੈ ਉੱਥੇ ਦੋ ਸਾਲ ਤੋਂ ਲਗਾਤਾਰ ਹਰੋ ਦਾ ਪੋਅ ਲਾਗੇ ਲਗਾਤਾਰ ਲੰਗਰ ਦੀ ਸੇਵਾ ਚੱਲ ਰਹੀ ਹੈ | ਹੁਣ ਵੀ ਹੋਲੇ ਮਹੱਲੇ ਮੌਕੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਲੰਗਰ ਦੀ ਸੇਵਾ ਬਾਬਾ ਸਤਨਾਮ ਸਿੰਘ ਵਲੋਂ ਅਰਦਾਸ ਕਰਕੇ ਸ਼ੁਰੂ ਕੀਤੀ ਗਈ | ਇਸ ਸਬੰਧੀ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਲਗਾਤਾਰ ਕਾਰ ਸੇਵਾ ਵਿੱਚ ਆਪਣਾ ਯੋਗਦਾਨ ਪਾ ਕੇ ਸੰਗਤ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਿੱਥੇ ਸੰਗਤ ਦੇ ਸਹਿਯੋਗ ਨਾਲ ਸੜਕ ਨੂੰ ਚਾਰ ਮਾਰਗੀ ਕਰਨ ਦੀ ਸੇਵਾ ਚੱਲ ਰਹੀ ਹੈ ਉੱਥੇ ਨਾਲ ਦੀ ਨਾਲ ਲਗਾਤਾਰ ਸੰਗਤਾਂ ਦੀ ਸਹੂਲਤ ਲਈ ਲੰਗਰ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਸਤਨਾਮ ਸਿੰਘ ਮੁਣਸ਼ੀ, ਦਲਜੀਤ ਸਿੰਘ ਬੈਂਸ, ਡਾ. ਗੁਰਮੇਲ ਸਿੰਘ ਕੜਿਆਲ, ਸਾਹਿਬ ਸਿੰਘ, ਮਨਪ੍ਰੀਤ ਸਿੰਘ ਜੱਗਾ, ਵਿਰਸਾ ਸਿੰਘ ਸ਼ਾਹ ਲੋਪੋਕੇ ਆਦਿ ਸਮੇਤ ਸਮੂਹ ਸੇਵਾਦਾਰ ਹਾਜ਼ਰ ਸਨ |