ਬਲਾਚੌਰ, 28 ਫਰਵਰੀ (ਨਰੇਸ਼ ਧੌਲ) - ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ | ਇਸੇ ਲੜੀ ਤਹਿਤ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿੱਚ ਪਿੰਡ ਜਗਤਪੁਰ ਦੇ ਸਰਪੰਚ ਡਾਕਟਰ ਜਸਵੀਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ | ਇਸ ਮੌਕੇ ਬੀਬੀ ਸੰਤੋਸ਼ ਕਟਾਰੀਆ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਰਪੰਚ ਡਾ. ਜਸਵੀਰ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਨਿੱਘਾ ਸਵਾਗਤ ਕਰਦਿਆਂ ਹੋਇਆਂ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਵਲੰਟੀਅਰ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ | ਸਮਾਗਮ ਦੌਰਾਨ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਨੇ ਵੀ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਹੁਣ ਰਵਾਇਤੀ ਪਾਰਟੀਆਂ ਦੇ ਝੂਠੇ ਵਾਅਦਿਆਂ ਅਤੇ ਲਾਰਿਆਂ ਤੋਂ ਅੱਕ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਰਾਜਨੀਤੀ ਨਾਲ ਜੁੜ ਰਹੇ ਹਨ | ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਪਿੰਡ ਜਗਤਪੁਰ ਦੇ ਸਰਪੰਚ ਡਾ. ਜਸਵੀਰ ਸਿੰਘ ਨੇ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ | ਡਾ. ਜਸਵੀਰ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨਗੇ | ਪਿੰਡ ਜਗਤਪੁਰ ਦੇ ਹੋਰ ਵੀ ਕਈ ਪਤਵੰਤੇ ਸੱਜਣ ਜਸਜੀਤ ਸਿੰਘ, ਦਵਿੰਦਰ ਸਿੰਘ ਐਨ.ਆਰ.ਆਈ, ਬਲਵੀਰ ਸਿੰਘ, ਇੰਦਰਜੀਤ ਸਿੰਘ, ਸਰਵਨ ਸਿੰਘ, ਜਰਨੈਲ ਸਿੰਘ, ਮੋਹਣ ਸਿੰਘ, ਸੋਨੂੰ, ਬਖਸ਼ੀਸ਼ ਸਿੰਘ, ਚੰਚਲ ਸਿੰਘ, ਨਛੱਤਰ ਸਿੰਘ, ਸਰਬਜੀਤ ਸਿੰਘ ਔਜਲਾ, ਗੁਰਵਿੰਦਰ ਕੌਰ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਛਿੰਦਾ ਆਦਿ ਨੇ ਵੀ ਨਵੇਂ ਆਏ ਸਾਥੀਆਂ ਦਾ ਪਾਰਟੀ ਵਿੱਚ ਆਉਣ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ |