ਨਵਾਂਸ਼ਹਿਰ, 28 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਦੀ ਨਿਊਬੋਰਨ ਕੇਅਰ ਮਡਿਊਲ ਸਬੰਧੀ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਗਿਆ | ਸਿਵਲ ਸਰਜਨ ਡਾ. ਸਿੰਘ ਨੇ ਕਿਹਾ ਕਿ ਨਵਜੰਮੇ ਬੱਚਿਆਂ ਦੀ ਸੰਭਾਲ, ਸਿਹਤ ਸੇਵਾਵਾਂ ਦਾ ਇਕ ਮਹੱਤਵਪੂਰਨ ਹਿੱਸਾ ਹੈ ਅਤੇ ਇਸ ਸਬੰਧੀ ਸਹੀ ਜਾਣਕਾਰੀ ਤੇ ਸਮੇਂ-ਸਿਰ ਇਲਾਜ ਨਾਲ ਬੱਚਿਆਂ ਦੀ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰ ਰਹੇ ਮੈਡੀਕਲ ਅਫਸਰਾਂ ਨੂੰ ਨਵਜੰਮੇ ਬੱਚਿਆਂ ਦੀ ਸੰਭਾਲ ਲਈ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਤਾਂ ਜੋ ਹਰ ਇੱਕ ਬੱਚੇ ਨੂੰ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ | ਉਨ੍ਹਾਂ ਕਿਹਾ ਬਾਲ ਮੌਤਾਂ ਨੂੰ ਰੋਕਣ ਲਈ ਬੱਚਿਆਂ ਵਿੱਚ ਖ਼ਤਰੇ ਦੇ ਚਿੰਨ੍ਹ ਪਛਾਨਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ | ਮਾਸਟਰ ਟ੍ਰੇਨਰ ਡਾ. ਸੁਕੰਦਾ ਰਾਣਾ, ਮੈਡੀਕਲ ਅਫ਼ਸਰ (ਪੈਡੀਅਟ੍ਰੀਸ਼ਨ) ਨੇ ਟ੍ਰੇਨਿੰਗ ਦੌਰਾਨ ਭਾਗੀਦਾਰਾਂ ਨੂੰ ਬਾਰੀਕੀ ਨਾਲ ਸਮਝਾਇਆ, ਜਿਸ ਨਾਲ ਉਨ੍ਹਾਂ ਦੀ ਜਾਣਕਾਰੀ ਵਿੱਚ ਹੋਰ ਵਾਧਾ ਹੋਇਆ | ਇਸ ਤੋਂ ਇਲਾਵਾ ਉਨ੍ਹਾਂ ਨੇ ਨਵਜੰਮੇ ਬੱਚਿਆਂ ਵਿੱਚ ਆਮ ਤੌਰ 'ਤੇ ਹੋਣ ਵਾਲੀਆਂ ਬਿਮਾਰੀਆਂ ਦੀ ਪਹਿਚਾਣ ਤੇ ਉਨ੍ਹਾਂ ਦੇ ਸਮੇਂ-ਸਿਰ ਇਲਾਜ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨਿਊਬੋਰਨ ਕੇਅਰ ਮਡਿਊਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਮ ਤੋਂ ਤੁਰੰਤ ਬਾਅਦ ਬੱਚੇ ਦੀ ਸੰਭਾਲ ਬਹੁਤ ਜ਼ਰੂਰੀ ਹੁੰਦੀ ਹੈ | ਉਨ੍ਹਾਂ ਕਿਹਾ ਕਿ ਨਵਜਾਤ ਬੱਚੇ ਨੂੰ ਤੁਰੰਤ ਸੁੱਕਾ ਕੇ ਗਰਮ ਰੱਖਣਾ, ਮਾਂ ਦਾ ਦੁੱਧ ਪਹਿਲੇ ਘੰਟੇ ਅੰਦਰ ਸ਼ੁਰੂ ਕਰਵਾਉਣਾ ਅਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਬਹੁਤ ਲਾਜ਼ਮੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ |