ਹੁਸ਼ਿਆਰਪੁਰ, 28 ਅਪ੍ਰੈਲ (ਹਰਪ੍ਰੀਤ ਕੌਰ)- ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਸਬੰਧੀ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਅਤੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੂੰ ਮੰਗ ਪੱਤਰ ਸੌਂਪਿਆ ਗਿਆ | ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਆਸ਼ਾ ਰਾਣੀ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ ਪੱਤਰ ਰਾਹੀ ਮੰਗ ਕੀਤੀ ਗਈ ਕਿ ਮਿਡ ਡੇ ਮੀਲ ਵਰਕਰਾਂ ਨੂੰ ਪੱਕਾ ਕੀਤਾ ਜਾਵੇ ਅਤੇ ਜਦੋਂ ਤੱਕ ਵਰਕਰਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ 3 ਹਜ਼ਾਰ ਤੋਂ ਵਧਾ ਕੇ 18 ਹਜ਼ਾਰ ਰੁਪਏ ਮਾਣ ਭੱਤਾ ਦਿੱਤਾ ਜਾਵੇ, ਮਿਡ-ਡੇ-ਮੀਲ ਵਰਕਰਾਂ ਨੂੰ ਗਰਮ ਅਤੇ ਸਰਦ ਰੁੱਤ ਦੀਆਂ ਵਰਦੀਆਂ ਸਮੇਂ ਸਿਰ ਦਿੱਤੀਆਂ ਜਾਣ ਅਤੇ ਪਹਿਚਾਣ ਪੱਤਰ ਬਣਾਏ ਜਾਣ, ਮਿਡ-ਡੇ-ਮੀਲ ਵਰਕਰਾਂ ਦੀ ਸੇਵਾ-ਪੱਤਰੀ ਲਗਾ ਕੇ ਜੀ.ਪੀ.ਐਫ/ਸੀ.ਪੀ.ਐਫ ਕੱਟਣਾ ਸ਼ੁਰੂ ਕੀਤਾ ਜਾਵੇ, ਹਰੇਕ ਸਕੂਲ ਵਿਚ 50 ਬੱਚਿਆਂ 'ਤੇ ਦੋ ਵਰਕਰਾਂ ਰੱਖੀਆਂ ਜਾਣ, ਮਿਡ ਡੇ ਮੀਲ ਵਰਕਰਾਂ ਨਾਲ ਕੋਈ ਹਾਦਸਾ ਵਾਪਰ ਜਾਂਦਾ ਹੈ ਜਾਂ ਉਸ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਨੌਕਰੀ ਉਸ ਦੇ ਪਰਿਵਾਰਿਕ ਮੈਂਬਰ ਨੂੰ ਦੇਣ ਦਾ ਪ੍ਰਬੰਧ ਕੀਤਾ ਜਾਵੇ | ਸੂਬਾ ਜਨਰਲ ਸਕੱਤਰ ਕਮਲਜੀਤ ਕੌਰ ਖੜੌਦੀ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਿਡ ਡੇ ਮੀਲ ਵਰਕਰਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕੀਤਾ ਜਾ ਰਿਹਾ ਤੇ ਸੰਘਰਸ਼ ਸਦਕਾ ਕੁੱਝ ਮੰਗਾਂ ਨੂੰ ਪ੍ਰਾਪਤ ਵੀ ਕੀਤਾ ਗਿਆ ਹੈ | ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ 9 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਸ ਮੌਕੇ ਅਮਰਜੀਤ ਕੌਰ, ਸੀਮਾ ਰਾਣੀ, ਜਸਵੀਰ ਕੌਰ, ਸੁਨੀਤਾ ਦੇਵੀ, ਪਰਮਜੀਤ ਕੌਰ, ਬਲਜੀਤ ਕੌਰ, ਨੀਲਮ ਰਾਣੀ, ਮਨਜੀਤ ਕੌਰ, ਅਮਨਜੋਤ, ਮਹਿੰਦਰ ਕੌਰ ਤੇ ਮਨਜੀਤ ਸੈਣੀ ਆਦਿ ਹਾਜ਼ਰ ਸਨ |