14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸਾਂਝਾ ਕਿਸਾਨ ਮਜ਼ਦੂਰ ਮੋਰਚੇ ਵਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਅਜੀਤ ਡੈਸਕ 01-05-2026
ਕਾਠਗੜ੍ਹ/ਰੱਤੇਵਾਲ, 30 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਸਾਂਝਾ ਕਿਸਾਨ ਮਜ਼ਦੂਰ ਮੋਰਚਾ ਸਬੰਧਿਤ ਭਾਈ ਲਾਲੋ ਲੋਕ ਮੰਚ ਪੰਜਾਬ ਵੱਲੋਂ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਪਹਿਲੀ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਮੀਟਿੰਗਾਂ ਨੂੰ ਸਾਥੀ ਕਰਨ ਸਿੰਘ ਰਾਣਾ ਸੂਬਾਈ ਜਨਰਲ ਸਕੱਤਰ, ਬੀਬੀ ਚਰਨਜੀਤ ਕੌਰ ਨਵਾਂਸ਼ਹਿਰ, ਹਰਪਾਲ ਸਿੰਘ ਮੱਕੋਵਾਲ, ਕਰਨੈਲ ਸਿੰਘ ਭੱਲਾ ਅਤੇ ਮਨੋਹਰ ਲਾਲ ਨੇ ਸੰਬੋਧਨ ਕੀਤਾ | ਇਸ ਮੌਕੇ ਸਾਥੀ ਕਰਨ ਸਿੰਘ ਰਾਣਾ ਨੇ ਮਈ ਦਿਵਸ ਦੇ ਇਤਿਹਾਸ 'ਤੇ ਚਾਨਣਾ ਪਾਉਂਦੇ ਹੋਏ ਇਸ ਨੂੰ ਮਜ਼ਦੂਰ ਜਮਾਤ ਦੀ ਅਗਵਾਈ ਲਈ ਰਾਹ ਦਸੇਰਾ ਦੱਸਿਆ | ਉਹਨਾਂ ਕਿਹਾ ਕਿ ਅਮਰੀਕਾ ਦੇ ਸ਼ਹਿਰ ਸ਼ਿਕਾਗੋਂ ਵਿੱਚ 1886 ਨੂੰ ਜੋ ਮਜ਼ਦੂਰਾਂ ਨੇ ਏਕਤਾ, ਦਿ੍ੜ੍ਹਤਾ ਤੇ ਕੁਰਬਾਨੀ ਦਾ ਜਜ਼ਬਾ ਦਿਖਾਇਆ, ਉਹ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ | ਉਨ੍ਹਾਂ ਸਮੂਹ ਕਿਸਾਨਾਂ ਮਜ਼ਦੂਰਾਂ ਅਤੇ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਸਾਮਰਾਜੀ ਅਤੇ ਕਾਰਪੋਰੇਟ ਸਰਮਾਏਦਾਰੀ ਵਿਰੁੱਧ ਕਿਰਤੀ ਧਿਰ ਦੀ ਇੱਕ ਜੁੱਟਤਾ ਅਤੇ ਤਿੱਖੇ ਸੰਘਰਸ਼ ਲਾਜ਼ਮੀ ਹਨ | ਉਨ੍ਹਾਂ ਅਪੀਲ ਕੀਤੀ ਕਿ ਕੁੱਲ ਦੁਨੀਆ ਦੇ ਕਿਰਤੀ ਕਾਮੇ ਇੱਕ ਹੋਣ ਤੇ ਪੂਰੀ ਦੁਨੀਆ ਵਿੱਚ ਕਿਰਤੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ਾਂ ਦੇ ਹਿੱਸੇਦਾਰ ਬਣਨ | ਆਗੂਆਂ ਨੇ ਮੰਗ ਕੀਤੀ ਕਿ ਪੂਰੀ ਦਿਹਾੜੀ ਵਿੱਚ ਕਿਰਤੀ ਤੋਂ ਅੱਠ ਘੰਟੇ ਤੋਂ ਵੱਧ ਕੰਮ ਨਾ ਕਰਵਾਇਆ ਜਾਵੇ, ਘੱਟੋ-ਘੱਟ ਉਜਰਤ 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਕਿਰਤ ਕਾਨੂੰਨਾਂ ਨੂੰ ਲਾਗੂ ਕੀਤਾ ਜਾਵੇ ਅਤੇ ਚਾਰ ਲੇਬਰ ਕੋਡ ਤੁਰੰਤ ਰੱਦ ਕੀਤੇ ਜਾਣ | ਆਗੂਆਂ ਨੇ ਅਪੀਲ ਕੀਤੀ ਕਿ ਸਾਮਰਾਜੀ ਅਤੇ ਪੂੰਜੀਵਾਦੀ ਗ਼ੁਲਾਮੀ ਵਿਰੁੱਧ ਚੱਲ ਰਹੇ ਸੰਘਰਸ਼ਾਂ ਨੂੰ ਹੋਰ ਵਿਸ਼ਾਲ ਬਣਾਇਆ ਜਾਵੇ ਇਹੀ ਪਹਿਲੀ ਮਈ ਦੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ |
ਪਿਛਲੀ ਖ਼ਬਰ ਪਿੰਡ ਸੁੱਜੋਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਮੁੱਖ ਮੰਤਰੀ ਹਰਿਆਣਾ ਨਾਇਬ ਸਿੰਘ ਸੈਣੀ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਅੱਜ ਹੋਣਗੇ ਨਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।