11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਭਰਮ ਤੇ ਮਿੱਥ ਛੱਡੋ, ਡਾਕਟਰੀ ਇਲਾਜ ਅਪਣਾਓ- ਡਾ. ਗੁਰਿੰਦਰਜੀਤ ਸਿੰਘ

ਅਜੀਤ ਡੈਸਕ 01-05-2026
ਨਵਾਂਸ਼ਹਿਰ, 30 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ ਸਟਾਪ ਐਪੀਲੈਪਸੀ ਪ੍ਰੋਜੈਕਟ ਤਹਿਤ ਮਿਰਗੀ ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ ਅਤੇ ਪਹੁੰਚਣਯੋਗ ਬਣਾਉਣ ਲਈ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਮੈਡੀਕਲ ਅਫ਼ਸਰਾਂ, ਸਟਾਫ ਨਰਸਾਂ ਤੇ ਵਾਰਡ ਅਟੈਨਡੈਂਟਾਂ ਦੀ ਸਮਰੱਥਾ ਨਿਰਮਾਣ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ 'ਸਟਾਪ ਐਪੀਲੈਪਸੀ' ਪ੍ਰੋਜੈਕਟ ਦਾ ਮੁੱਖ ਮੰਤਵ ਮਿਰਗੀ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਦੇਖਭਾਲ ਮੁਹੱਈਆ ਕਰਵਾਉਣਾ ਹੈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ 'ਭਰਮ ਤੇ ਮਿੱਥ' ਛੱਡ ਕੇ, ਡਾਕਟਰੀ ਇਲਾਜ ਅਪਣਾਉਣ | ਇਸ ਮੌਕੇ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਦਿਮਾਗ ਨਾਲ ਸਬੰਧਤ ਤੰਤੂ ਪ੍ਰਣਾਲੀ ਦਾ ਇੱਕ ਵਿਗਾੜ ਹੈ | ਇਹ ਪ੍ਰੋਜੈਕਟ ਮਿਰਗੀ ਤੋਂ ਪੀੜਤ ਲੋਕਾਂ ਨੂੰ ਬਿਹਤਰ ਤੇ ਪਹੁੰਚਣਯੋਗ ਸਕਰੀਨਿੰਗ ਤੇ ਡਾਇਗਨੌਸਟਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ | ਉਨ੍ਹਾਂ ਦੱਸਿਆ ਕਿ ਮਿਰਗੀ ਦੇ ਮਰੀਜ਼ਾਂ ਨੂੰ ਮਿਰਗੀ ਦਾ ਇਲਾਜ ਅਧੂਰਾ ਨਹੀਂ ਛੱਡਣਾ ਚਾਹੀਦਾ, ਕਿਉਂਕਿ ਇਕ ਵੀ ਖੁਰਾਕ ਮਿਸ ਕਰਨ ਨਾਲ ਮਿਰਗੀ ਦਾ ਦੌਰਾ ਪੈਣ ਦਾ ਖਤਰਾ ਵੱਧ ਸਕਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜਲਦ ਪਛਾਨ ਤੇ ਸਹੀ ਇਲਾਜ ਨਾਲ 70 ਫ਼ੀਸਦ ਮਿਰਗੀ ਦੇ ਮਰੀਜ਼ ਨਾਰਮਲ ਜ਼ਿੰਦਗੀ ਜੀਅ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮਿਰਗੀ ਦੀ ਬਿਮਾਰੀ ਦਿਮਾਗ ਵਿਚ ਟਿਊਮਰ ਦਾ ਹੋਣਾ, ਸਿਰ ਦੀ ਸੱਟ ਜਾਂ ਦਿਮਾਗੀ ਤਪਦਿਕ, ਦਿਮਾਗੀ ਤਣਾਅ, ਦਿਮਾਗੀ ਸੋਜਿਸ਼, ਦਿਮਾਗੀ ਲਹੂ ਨਾੜੀਆਂ ਦੇ ਨੁਕਸ, ਮੰਦਬੁੱਧੀ ਹੋਣਾ, ਦਿਮਾਗ ਵਿਚ ਲਾਗ ਦਾ ਹੋਣਾ, ਸ਼ਰਾਬ ਤੇ ਤੇਜ਼ ਦਵਾਈਆਂ ਕਾਰਨ ਵੀ ਹੋ ਸਕਦੀ ਹੈ | ਮਿਰਗੀ ਦੀ ਬਿਮਾਰੀ ਦੇ ਲੱਛਣਾਂ ਦੀ ਪਛਾਣ ਕਰਨਾ ਬੇਹੱਦ ਜ਼ਰੂਰੀ ਹੈ | ਇੱਕਦਮ ਬੇਹੋਸ਼ ਹੋ ਕੇ ਡਿੱਗਣਾ, ਸਰੀਰ ਆਕੜਣਾ, ਝਟਕੇਦਾਰ ਦੌਰੇ ਪੈਣਾ, ਮੂੰਹ ਵਿੱਚੋਂ ਝੱਗ ਨਿਕਲਣਾ, ਦੰਦਲ ਪੈਣਾ, ਪਿਸ਼ਾਬ ਕੱਪੜਿਆਂ ਵਿਚ ਨਿਕਲਣਾ ਅਤੇ ਜੀਭ ਟੁੱਕੀ ਜਾਣਾ ਇਸ ਦੇ ਲੱਛਣਾਂ ਵਿਚ ਸ਼ਾਮਲ ਹਨ | ਮਿਰਗੀ ਦਾ ਦੌਰਾ ਪੈਣ ਦੀ ਹਾਲਤ ਦੌਰਾਨ ਤੁਰੰਤ ਮੁੱਢਲੀ ਡਾਕਟਰੀ ਸਹਾਇਤਾ ਦੇ ਕੇ ਮਰੀਜ਼ ਦੀ ਵਿਗੜ ਰਹੀ ਹਾਲਤ ਨੂੰ ਕਾਬੂ ਕਰਨਾ ਸੰਭਵ ਹੈ | ਡਾ. ਗਗਨਦੀਪ ਸਿੰਘ ਨੇ ਇਹ ਵੀ ਕਿਹਾ ਕਿ ਮਿਰਗੀ ਦੀ ਬਿਮਾਰੀ ਨੂੰ ਲੈ ਕੇ ਲੋਕਾਂ ਵਿਚ ਬਹੁਤ ਸਾਰੇ ਭਰਮ-ਮਿੱਥਾਂ ਅਤੇ ਗਲਤ ਧਾਰਨਾਵਾਂ ਹਨ, ਜਿਸਦੇ ਚੱਲਦਿਆਂ ਉਹ ਡਾਕਟਰੀ ਇਲਾਜ ਅੱਧ ਵਿਚਾਲੇ ਛੱਡ ਦਿੰਦੇ ਹਨ | ਅਜਿਹੇ ਵਿੱਚ ਇਹ ਬਿਮਾਰੀ ਹੋਰ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬਲਜੀਤ ਕਮਲ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ, ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਤੋਂ ਸਟਾਪ ਐਪੀਲੈਪਸੀ ਪ੍ਰੋਜੈਕਟ ਦੇ ਰਿਸਰਚ ਐਸੋਸੀਏਟ ਸਰਿਸ਼ਟੀ ਵਰਮਾ ਤੇ ਬੱਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ |
ਪਿਛਲੀ ਖ਼ਬਰ ਮੈਗਾ ਕੈਂਪਾਂ ਦੇ ਦੌਰਾਨ 346 ਦਾ ਚੈੱਕਅਪ ਤੇ 180 ਯੂਨਿਟ ਕੀਤਾ ਗਿਆ ਖ਼ੂਨਦਾਨ ਅਗਲੀ ਖ਼ਬਰ ਏ. ਐੱਸ. ਫਰੋਜ਼ਨ ਫੂਡਸ ਵਿਖੇ ਕੈਂਸਰ ਜਾਗਰੂਕਤਾ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।