ਨਵਾਂਸ਼ਹਿਰ, 30 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਨਸੂਨ ਤੋਂ ਪਹਿਲਾਂ-ਪਹਿਲਾਂ ਸੂਬੇ ਵਿੱਚ ਹੜ੍ਹ ਰੋਕਥਾਮ ਕਾਰਜਾਂ ਨੂੰ ਮੁਕੰਮਲ ਕਰਾਉਣ ਦੇ ਮੱਦੇਨਜ਼ਰ ਸੂਬੇ ਦਾ ਦੌਰਾ ਕੀਤਾ ਜਾ ਰਿਹਾ ਹੈ | ਇਸ ਲੜੀ ਤਹਿਤ ਲਗਾਤਾਰ ਤੀਸਰੇ ਦਿਨ ਜਲ ਸਰੋਤ ਮੰਤਰੀ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚੋਂ ਲੰਘਦੇ ਸਤਲੁਜ ਦਰਿਆ ਦੇ ਕੰਢੇ ਚੱਲ ਰਹੇ ਮਜ਼ਬੂਤੀਕਰਨ ਦੇ ਕੰਮਾਂ ਦਾ ਜਾਇਜ਼ਾ ਲਿਆ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਬੁਰਜ ਟਹਿਲ ਦਾਸ ਵਿਖੇ ਹੜ੍ਹਾਂ ਦੀ ਰੋਕਥਾਮ ਦੇ ਕੰਮਾਂ ਦਾ ਜਾਇਜ਼ਾ ਲੈਣ ਪਿੱਛੋਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਉਤੇ 600 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ ਅਤੇ 30 ਜੂਨ ਤੋਂ ਪਹਿਲਾਂ-ਪਹਿਲਾਂ ਸਾਰੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ | ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿਛਲੇ ਤਿੰਨ ਦਿਨਾਂ ਤੋਂ ਵੱਖ-ਵੱਖ ਜ਼ਿਲਿ੍ਹਆਂ ਦੇ ਦੌਰੇ 'ਤੇ ਹਨ | ਜ਼ਿਲ੍ਹਾ ਅੰਮਿ੍ਤਸਰ ਅਤੇ ਜਲੰਧਰ ਤੋਂ ਬਾਅਦ ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੜ੍ਹ ਰੋਕੂ ਪ੍ਰਬੰਧਾਂ ਦਾ ਨਿਰੀਖਣ ਕੀਤਾ | ਗੋਇਲ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸੂਬਾ ਸਰਕਾਰ ਵਲੋਂ ਹੜ੍ਹਾਂ ਦੀ ਰੋਕਥਾਮ ਲਈ ਸੰਜੀਦਾ ਉਪਰਾਲੇ ਕਰਦਿਆਂ ਏਨੀ ਵੱਡੀ ਰਕਮ ਦਰਿਆਵਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਖ਼ਰਚ ਕੀਤੀ ਜਾ ਰਹੀ ਹੈ | ਇਸ ਤੋਂ ਪਹਿਲਾਂ ਦੀਆਂ ਸਰਕਾਰ ਸਿਰਫ਼ ਹੜ੍ਹ ਰੋਕੂ ਕਾਰਜਾਂ ਦੀ ਖਾਨਾਪੂਰਤੀ ਲਈ ਹੀ ਕੰਮ ਕਰਦੀਆਂ ਸਨ | ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਪਿੱਛੋਂ ਵਿਭਾਗ ਦੇ ਦੋ ਸੁਪਰੀਡੈਂਟਿੰਗ ਇੰਜੀਨੀਅਰਾਂ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਕਮੇਟੀ ਵੱਲੋਂ ਪੰਜਾਬ ਦੇ ਦਰਿਆਵਾਂ 'ਚ ਕੁੱਲ 132 ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਤੇ ਸਾਰੀਆਂ ਥਾਵਾਂ ਨੂੰ ਜੰਗੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਵਲੋਂ ਪਿੰਡ ਢੱਕ ਮਜ਼ਾਰਾ ਅਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦੇ ਕੰਮ ਦਾ ਵੀ ਲਿਆ ਜਾਇਜ਼ਾ ਅਪਰਾ ਸੈਕਸਨ ਤੋਂ 20,000 ਏਕੜ ਜ਼ਮੀਨ ਨੂੰ ਮਿਲੇਗਾ ਪਾਣੀ ਕੈਬਨਿਟ ਮੰਤਰੀ ਨੇ ਪਿੰਡ ਢੱਕ ਮਜਾਰਾ ਤੇ ਮੰਡੀ ਵਿਖੇ ਪਾਈਪਾਂ ਰਾਹੀਂ ਖੇਤਾਂ ਨੂੰ ਪਾਣੀ ਦੇਣ ਦੇ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲਿਆ | ਹੁਣ ਬਖਲੌਰ ਡਿੱਚ ਦੀ ਟੇਲ ਐਂਡ 'ਤੇ ਪਾਣੀ ਦੀ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਟੇਲ ਫਰੰਟ ਅਤੇ ਟੇਲ ਲੈਫਟ ਦੇ ਖੇਤਾਂ ਵਿਚ ਕੁੱਲ 16,829 ਫੁੱਟ ਦੀ ਪਾਈਪਲਾਈਨ ਪਾਈ ਜਾ ਰਹੀ ਹੈ |