ਨਵਾਂਸ਼ਹਿਰ, 10 ਮਈ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ, ਨਵਾਂਸ਼ਹਿਰ ਵਲੋਂ ਬਜ਼ੁਰਗਾਂ ਨੂੰ ਜੈਰੀਐਟਿ੍ਕ ਓ. ਪੀ. ਡੀ. ਰਾਹੀਂ ਵੱਡੀ ਰਾਹਤ ਦਿੱਤੀ ਜਾ ਰਹੀ ਹੈ | ਇਸ ਸੰਬੰਧੀ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਤੇ ਵਿਸ਼ੇਸ਼ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸਨਿਚਰਵਾਰ ਜੈਰੀਐਟਿ੍ਕ ਓ. ਪੀ. ਡੀ. ਚਲਾਈ ਜਾ ਰਹੀ ਹੈ, ਜਿਸ ਤਹਿਤ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਦੀ ਉਮਰ ਨਾਲ ਸੰਬੰਧਤ ਬਿਮਾਰੀਆਂ ਦੀ ਵਿਸ਼ੇਸ਼ ਜਾਂਚ ਤੇ ਇਲਾਜ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਜੈਰੀਐਟਿ੍ਕ ਓ. ਪੀ. ਡੀ. 'ਚ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦੀਆਂ ਬਿਮਾਰੀਆਂ, ਜੋੜਾਂ ਦੇ ਦਰਦ, ਹੱਡੀਆਂ ਦੀ ਕੰਮਜ਼ੋਰੀ, ਨਜ਼ਰ ਤੇ ਸੁਣਨ ਨਾਲ ਜੁੜੀਆਂ ਸਮੱਸਿਆਵਾਂ ਦੀ ਮਾਹਿਰ ਡਾਕਟਰਾਂ ਵਲੋਂ ਵਿਸਥਾਰਪੂਰਵਕ ਜਾਂਚ ਕੀਤੀ ਜਾਂਦੀ ਹੈ | ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸੰਤੁਲਿਤ ਆਹਾਰ, ਸਿਹਤਮੰਦ ਜੀਵਨ ਸ਼ੈਲੀ ਤੇ ਦਵਾਈਆਂ ਦੀ ਸਹੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ | ਸਿਹਤ ਵਿਭਾਗ ਦਾ ਉਦੇਸ਼ ਬਜ਼ੁਰਗਾਂ ਨੂੰ ਇਕੋ ਥਾਂ 'ਤੇ ਗੁਣਵੱਤਾਪੂਰਨ, ਸੁਵਿਧਾਜਨਕ ਤੇ ਸਮੇਂ-ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਬਜ਼ੁਰਗਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਪਹਿਲੀ ਤਰਜੀਹ ਹੈ ਅਤੇ ਇਸ ਦਿਸ਼ਾ ਵਿਚ ਸਿਹਤ ਵਿਭਾਗ ਵਲੋਂ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ | ਓ. ਪੀ. ਡੀ. ਵਿਚ ਆਉਣ ਵਾਲੇ ਬਜ਼ੁਰਗ ਮਰੀਜ਼ਾਂ ਦੀ ਪੂਰੀ ਜਾਂਚ ਉਪਰੰਤ ਜ਼ਰੂਰਤ ਅਨੁਸਾਰ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਲਈ ਰੈਫਰ ਵੀ ਕੀਤਾ ਜਾਂਦਾ ਹੈ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਬਜ਼ੁਰਗ ਨਾਗਰਿਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਚ ਹਰ ਸਨਿਚਰਵਾਰ ਚੱਲ ਰਹੀ ਜੈਰੀਐਟਿ੍ਕ ਓ. ਪੀ. ਡੀ. ਦਾ ਵੱਧ ਤੋਂ ਵੱਧ ਲਾਭ ਲੈਣ ਤੇ ਨਿਯਮਿਤ ਸਿਹਤ ਜਾਂਚ ਰਾਹੀਂ ਬਿਮਾਰੀਆਂ ਤੋਂ ਬਚਾਅ ਯਕੀਨੀ ਬਣਾਉਣ |