ਟੱਪਰੀਆਂ ਖੁਰਦ, 17 ਮਈ (ਬੂਥਗੜ੍ਹੀਆ)-ਵਿਧਾਨ ਸਭਾ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧਦੀਆਂ ਕੀਮਤਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੇ ਰੋਜ਼ਾਨਾ ਜੀਵਨ 'ਤੇ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਬਾਲਣ ਦੀਆਂ ਕੀਮਤਾਂ 'ਚ ਵਾਧੇ ਨੇ ਸਮਾਜ ਦੇ ਹਰ ਵਰਗ ਦੀ ਆਰਥਿਕ ਸਥਿਤੀ 'ਤੇ ਦਬਾਅ ਪਾਇਆ ਹੈ ਤੇ ਮਹਿੰਗਾਈ ਲੋਕਾਂ ਲਈ ਅਸਮਰੱਥ ਹੁੰਦੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਹੁਣ ਜਿਵੇਂ-ਜਿਵੇਂ ਪੱਛਮੀ ਏਸ਼ੀਆ 'ਚ ਤਣਾਅ ਵਧਦਾ ਜਾ ਰਿਹਾ ਹੈ ਸਰਕਾਰ ਨੇ ਚੋਣਾਂ ਤੋਂ ਬਾਅਦ ਐਲ. ਪੀ. ਜੀ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ ਜਿਸ ਦੇ ਨਾਲ ਆਮ ਜਨਤਾ 'ਤੇ ਮਹਿੰਗੀ ਦਾ ਬੋਝ ਪੈ ਰਿਹਾ ਹੈ | ਕਟਾਰੀਆ ਨੇ ਕਿਹਾ ਕਿ ਜਦੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਸਨ ਉਦੋਂ ਕੇਂਦਰ ਸਰਕਾਰ ਨੇ ਜਨਤਾ ਨੂੰ ਕੋਈ ਰਾਹਤ ਨਹੀਂ ਦਿੱਤੀ ਸਗੋਂ ਭਾਰੀ ਟੈਕਸ ਲਗਾਇਆ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਲਗਾਤਾਰ 12 ਸਾਲ ਤੋਂ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਦੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਸੂਬੇ ਦੇ ਅੰਦਰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਰਾਹਤ ਦੇ ਨਾਲ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ, ਜਿਸ ਦੇ ਨਾਲ ਲੋਕ ਆਪਣੇ ਛੋਟੇ ਮੋਟੇ ਕਾਰੋਬਾਰਾਂ ਨੂੰ ਚੰਗੇ ਤਰੀਕੇ ਨਾਲ ਚਲਾ ਸਕਣ |