ਰਾਹੋਂ, 9 ਜੂਨ (ਉਂਕਾਰ ਸਿੰਘ ਰਾਠੋਰ)-ਪੰਜਾਬ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਆਗੂਆਂ ਵਲੋਂ ਨਵਾਂਸ਼ਹਿਰ ਤੋਂ ਬਹੁਜਨ ਸਮਾਜ ਪਾਰਟੀ ਦੇ ਵਿਧਾਇਕ ਡਾ. ਨਛੱਤਰ ਪਾਲ ਨੂੰ ਪੈਨਸ਼ਨਰ ਭਾਈਚਾਰੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਇਕ ਮੰਗ-ਪੱਤਰ ਸੌਂਪਿਆ ਗਿਆ | ਆਗੂਆਂ ਨੇ ਮੰਗ ਪੱਤਰ ਰਾਹੀਂ 01-01-2016 ਤੋਂ ਬਕਾਇਆ ਮਹਿੰਗਾਈ ਭੱਤੇ (ਡੀ. ਏ.) ਦੇ ਲਾਭ ਜਾਰੀ ਕਰਨ, ਪੈਨਸ਼ਨ ਦੀ ਨੋਟੀਫਿਕੇਸ਼ਨ ਨਾਲ ਸੰਬੰਧਤ ਮਸਲਿਆਂ ਦਾ ਤੁਰੰਤ ਹੱਲ ਕਰਨ ਤੇ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਬਣਦੇ ਵਾਧੂ ਪੈਨਸ਼ਨ ਲਾਭ ਜਲਦ ਜਾਰੀ ਕਰਨ ਦੀ ਮੰਗ ਉਠਾਈ | ਇਸ ਮੌਕੇ ਵਿਧਾਇਕ ਡਾ. ਨਛੱਤਰ ਪਾਲ ਨੇ ਪੈਨਸ਼ਨਰ ਭਾਈਚਾਰੇ ਦੀਆਂ ਸਮੱਸਿਆਵਾਂ ਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ | ਉਨ੍ਹਾਂ ਭਰੋਸਾ ਦਿੱਤਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਪੈਨਸ਼ਨਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੇ ਪੱਧਰ 'ਤੇ ਸਕਾਰਾਤਮਕ ਕਾਰਵਾਈ ਲਈ ਯਤਨ ਕੀਤੇ ਜਾਣਗੇ |