ਕਾਠਗੜ੍ਹ, 9 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬਿ੍ਗੇਡੀਅਰ ਰਾਜ ਕੁਮਾਰ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਹੈ ਕਿ ਦੇਸ਼ ਦੀ ਜਨਤਾ 'ਤੇ ਮਹਿੰਗਾਈ ਦੀ ਬੇਰਹਿਮ ਮਾਰ ਪੈ ਰਹੀ ਹੈ, ਜਿਸ ਨੇ ਮੋਦੀ ਸਰਕਾਰ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ | ਅੱਜ ਕੇਂਦਰ ਦੀਆਂ ਲੋਕ-ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਹਰ ਵਰਗ ਤ੍ਰਾਹੀ-ਤ੍ਰਾਹੀ ਕਰ ਰਿਹਾ ਹੈ ਅਤੇ ਇਹ ਸਰਕਾਰ ਹਰ ਫਰੰਟ 'ਤੇ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ | ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਮੁੜ 29 ਰੁਪਏ ਦਾ ਨਵਾਂ ਵਾਧਾ ਕਰਕੇ ਕੇਂਦਰ ਸਰਕਾਰ ਨੇ ਗਰੀਬ ਅਤੇ ਮੱਧਮ ਵਰਗ ਦੇ ਪਰਿਵਾਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ | 3 ਮਹੀਨਿਆਂ ਦੇ ਅੰਦਰ-ਅੰਦਰ ਦੂਜੀ ਵਾਰ ਵਧਾਈਆਂ ਗਈਆਂ ਇਨ੍ਹਾਂ ਕੀਮਤਾਂ ਨੇ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਨੂੰ ਦੇਸ਼ ਦੇ ਆਮ ਲੋਕਾਂ ਦੀਆਂ ਤਕਲੀਫਾਂ ਨਾਲ ਕੋਈ ਸਰੋਕਾਰ ਨਹੀਂ ਹੈ | ਬਿ੍ਗੇਡੀਅਰ ਰਾਜ ਕੁਮਾਰ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਬੇਲਗਾਮ ਮਹਿੰਗਾਈ ਨੇ ਆਮ ਆਦਮੀ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਬੇਹੱਦ ਮੁਸ਼ਕਿਲ ਕਰ ਦਿੱਤਾ ਹੈ |