ਨਵਾਂਸ਼ਹਿਰ, 9 ਜੂਨ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਭਾਰਤੀ ਜਨਤਾ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਭਾਜਪਾ ਪੰਜਾਬ ਦੀ ਸੂਬਾ ਲੀਡਰਸ਼ਿਪ ਵੱਲੋਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਸੰਗਠਨ ਇੰਚਾਰਜਾਂ ਦੀ ਕੀਤੀ ਨਿਯੁਕਤੀ ਦਾ ਸਵਾਗਤ ਕੀਤਾ | ਰਾਜਵਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਭਾਜਪਾ ਪੰਜਾਬ ਵਲੋਂ ਸੁਖਵਿੰਦਰ ਸਿੰਘ ਗੋਲਡੀ ਨੂੰ ਬਲਾਚੌਰ ਵਿਧਾਨ ਸਭਾ ਹਲਕੇ, ਜਤਿੰਦਰ ਸਿੰਘ ਅਠਵਾਲ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਅਤੇ ਚਰਨਜੀਤ ਸਿੰਘ ਬਰਾੜ ਨੂੰ ਬੰਗਾ ਵਿਧਾਨ ਸਭਾ ਹਲਕੇ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਹ ਤਿੰਨੇ ਆਗੂ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਨੂੰ ਸਮਰਪਿਤ ਹੋ ਕੇ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੇ ਹਨ | ਪਾਰਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸੰਗਠਨਾਤਮਕ ਯੋਗਦਾਨ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵਲੋਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ | ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲ੍ਹੇ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਸੁਖਵਿੰਦਰ ਸਿੰਘ ਗੋਲਡੀ, ਸਰਦਾਰ ਜਤਿੰਦਰ ਸਿੰਘ ਅਠਵਾਲ ਅਤੇ ਸਰਦਾਰ ਚਰਨਜੀਤ ਸਿੰਘ ਬਰਾੜ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ |