ਹੁਸ਼ਿਆਰਪੁਰ, 10 ਜੂਨ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਲੀਗਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਵਕੀਲ ਸੰਦੀਪ ਕੁਮਾਰ ਨੇ ਅਹੁਦੇ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ | ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਲੀਗਲ ਸੈੱਲ ਦੇ ਸੂਬਾ ਪ੍ਰਧਾਨ ਗੈਨ ਸਿੰਘ ਮੁੰਗੋ ਨੂੰ ਭੇਜਦੇ ਹੋਏ ਤੁਰੰਤ ਪ੍ਰਭਾਵ ਨਾਲ ਅਹੁਦਾ ਛੱਡਣ ਦਾ ਐਲਾਨ ਕੀਤਾ | ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦਿਆ ਅਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੂੰ ਭੇਜ ਦਿੱਤੀ ਹੈ | ਸੰਦੀਪ ਕੁਮਾਰ ਨੇ ਕਿਹਾ ਕਿ ਪਾਰਟੀ ਦੀ ਲੀਡਰਸ਼ਿਪ ਵਲੋਂ ਕੀਤੇ ਗਏ ਨੀਤੀਗਤ ਫ਼ੈਸਲਿਆਂ ਨਾਲ ਉਹ ਖ਼ੁਦ ਨੂੰ ਜੋੜ ਨਹੀਂ ਪਾ ਰਹੇ ਹਨ ਅਤੇ ਨਾ ਹੀ ਉਨ੍ਹਾਂ ਦਾ ਸਮਰਥਨ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਵਰਤਮਾਨ ਦੀਆਂ ਸਥਿਤੀਆਂ 'ਚ ਉਨ੍ਹਾਂ ਦੀ ਅੰਤਰ ਆਤਮਾ ਅਤੇ ਵਿਸ਼ਵਾਸ ਉਨ੍ਹਾਂ ਨੂੰ ਸੰਗਠਨ 'ਚ ਅਹੁਦੇ 'ਤੇ ਬਣੇ ਰਹਿਣ ਦੀ ਅਨੁਮਤੀ ਨਹੀਂ ਦਿੰਦਾ, ਇਸ ਲਈ ਉਨ੍ਹਾਂ ਜ਼ਿਲ੍ਹਾ ਪ੍ਰਧਾਨ, ਲੀਗਲ ਸੈੱਲ ਦੇ ਅਹੁਦੇ ਦੇ ਨਾਲ ਨਾਲ ਪਾਰਟੀ ਦੀ ਮੈਂਬਰਸ਼ਿਪ ਤੋਂ ਵੀ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ ਹੈ |