02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਪਾਵਰ ਕਾਰਪੋਰੇਸ਼ਨ ਦੇ ਸਟੋਰ ਆਊਟਸੋਰਸਡ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਅਜੀਤ ਡੈਸਕ 15-07-2026

 ਨਵਾਂਸ਼ਹਿਰ, 13 ਜੁਲਾਈ (ਜਸਬੀਰ ਸਿੰਘ ਨੂਰਪੁਰ)- ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ‘ਤੇ ਨਵਾਂਸ਼ਹਿਰ ਸਟੋਰ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਹ ਰੋਸ ਪ੍ਰਦਰਸ਼ਨ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਤਾਲਮੇਲ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ ਤੇ ਭੁਪਿੰਦਰ ਸਿੰਘ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਵਿੱਚ ਸੈਂਕੜੇ ਆਊਟਸੋਰਸਡ ਠੇਕਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ‘ਤੇ ਵੱਖ-ਵੱਖ ਪੋਸਟਾਂ ‘ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਹਨ। ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਤੇ ਵਿਭਾਗ ਵਿੱਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਗੁਜ਼ਾਰੇਯੋਗ ਤਨਖ਼ਾਹ ਨਿਸ਼ਚਿਤ ਕਰਨ ਤੋਂ ਲਗਾਤਾਰ ਟਾਲ਼ਾ ਵੱਟ ਰਹੀ ਹੈ। ਆਗੂਆਂ ਨੇ ਦੱਸਿਆ ਕਿ ‘ਤਾਲਮੇਲ ਕਮੇਟੀ’ ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਬੀਤੀ 22 ਜੂਨ ਨੂੰ ਚੰਡੀਗੜ੍ਹ ਵਿਖੇ ਇੱਕ ਪੈਨਲ ਮੀਟਿੰਗ ਕੀਤੀ ਗਈ ਸੀ। ਮੀਟਿੰਗ ਵਿੱਚ 30 ਜੂਨ ਤੱਕ ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਲਿਖਤੀ ਸਮਝੌਤਾ ਹੋਇਆ ਸੀ ਪਰ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜਜਮੈਂਟ ਅਤੇ ਸਰਕਾਰ ਆਪਣੇ ਹੀ ਕੀਤੇ ਲਿਖ਼ਤੀ ਸਮਝੌਤੇ ਤੋਂ ਪਿੱਛੇ ਹਟ ਰਹੀ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਸਵੀਰ ਸਿੰਘ, ਪਰਮਜੀਤ, ਕਾਬਲ ਰਾਮ, ਜਸਵੀਰ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸਟੋਰ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸੇਵਾ ਮੁਕਤ ਪਟਵਾਰੀ ਯੂਨੀਅਨ ਦੇ ਪ੍ਰਧਾਨ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਬਲਾਚੌਰ-ਪੋਜੇਵਾਲ ਮਾਰਗ ’ਤੇ ਚੱਲ ਰਹੇ ਹੌਲੀ ਰਫ਼ਤਾਰ ਕਾਰਜਾਂ ਕਾਰਨ ਰਾਹਗੀਰ ਹੋ ਰਹੇ ਖੱਜਲ-ਖੁਆਰ - ਚੰਦਿਆਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।