ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਬਲਜਿੰਦਰ ਸਿੰਘ)-ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਜੱਲ੍ਹਾ ਨੇ ਦੱਸਿਆ ਕਿ ਮਨਰੇਗਾ ਬਚਾਓ ਤੇ ਕਿਸਾਨ ਬਚਾਓ ਮੁਹਿੰਮ ਤਹਿਤ 28 ਫਰਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਮਹਾਂ ਰੈਲੀ ਵਿਚ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਗੂ ਸ਼ਮੂਲੀਅਤ ਕਰਨ ਲਈ ਸਰਹਿੰਦ ਤੋਂ ਰਵਾਨਾ ਹੋਣਗੇ | ਉਨ੍ਹਾਂ ਕਿਹਾ ਕਿ ਇਸ ਮਹਾਂਰੈਲੀ ਨੂੰ ਕੁੱਲ ਹਿੰਦ ਕਾਂਗਰਸ ਦੇ ਸੀਨੀਅਰ ਆਗੂ ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੰਬੋਧਨ ਕਰਨਗੇ | ਜਿਸ ਕਰਕੇ ਰੈਲੀ ਸਬੰਧੀ ਕਾਂਗਰਸੀ ਆਗੂਆਂ ਤੇ ਵਰਕਰਾਂ 'ਚ ਵੱਡਾ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਨੰਗਾ ਕੀਤਾ ਜਾ ਰਿਹਾ ਹੈ | ਕਿਉਂਕਿ ਇਨ੍ਹਾਂ ਸਰਕਾਰਾਂ ਦਾ ਇਕਲੌਤਾ ਮੰਤਵ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਨਾ ਹੈ | ਜਿਸ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ 'ਤੇ ਸਫਲ ਨਹੀਂ ਹੋਣ ਦੇਵੇਗੀ | ਉਨ੍ਹਾਂ ਕਿਸਾਨਾਂ ਤੇ ਮਨਰੇਗਾ ਮਜ਼ਦੂਰਾਂ ਨੂੰ ਇਸ ਰੈਲੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਲੜਾਈ ਲੜ ਰਹੀ ਹੈ, ਜਿਸ ਵਿਚ ਇਨ੍ਹਾਂ ਵਰਗਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਦੋਵੇਂ ਸਰਕਾਰਾਂ ਦੇ ਮਨਸੂਬਿਆਂ ਨੂੰ ਅਸਫਲ ਬਣਾਇਆ ਜਾ ਸਕੇ | ਸ. ਜੱਲ੍ਹਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਮੌਜੂਦਾ 'ਆਪ' ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਦੁਖੀ ਹੈ ਅਤੇ ਲੋਕ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਜਿਸ ਕਰਕੇ ਅਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦਾ ਪੰਜਾਬ 'ਚ ਸਫ਼ਾਇਆ ਹੋਣਾ ਤਹਿ ਹੈ |