ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਮਨਪ੍ਰੀਤ ਸਿੰਘ)-ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਅਰਵਿੰਦਪਾਲ ਸਿੰਘ ਨੇ ਜ਼ਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ | ਉਨ੍ਹਾਂ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਨੂੰ ਨਾਲ ਲੈ ਕੇ ਹਸਪਤਾਲ ਦੀ ਸਾਫ਼ ਸਫ਼ਾਈ, ਦਵਾਈਆਂ, ਡਾਇਗਨੋਸਟਿਕ ਸੇਵਾਵਾਂ, ਇੰਡੋਰ ਸੇਵਾਵਾਂ, ਆਊਟਡੋਰ ਸੇਵਾਵਾਂ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਮੁੱਢਲੀਆਂ ਸਹੂਲਤਾਂ ਦੀ ਵੀ ਸਮੀਖਿਆ ਕੀਤੀ | ਉਨ੍ਹਾਂ ਵਾਰਡਾਂ ਵਿਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਹਸਪਤਾਲ ਵਿਚ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕੀਤੀ | ਉਨ੍ਹਾਂ ਮਰੀਜ਼ਾਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਲਾਜ ਕਰਾਉਣ ਜਾਂ ਸਿਹਤ ਸੇਵਾਵਾਂ ਲੈਣ ਵਿਚ ਕੋਈ ਪ੍ਰੇਸ਼ਾਨੀ ਆਉਂਦੀ ਹੋਵੇ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ | ਉਨ੍ਹਾਂ ਮੌਕੇ 'ਤੇ ਹਾਜ਼ਰ ਐਸ.ਐਮ.ਓ. ਨੂੰ ਕਿਹਾ ਕਿ ਹਸਪਤਾਲ ਵਿਚ ਇਲਾਜ ਕਰਾਉਣ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਾਰੀਆਂ ਮੁਫ਼ਤ ਸਿਹਤ ਸੇਵਾਵਾਂ ਦੇਣ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਦੇਣੀਆਂ ਵੀ ਯਕੀਨੀ ਬਣਾਉਣ | ਇਸ ਮੌਕੇ 'ਤੇ ਫਾਰਮੇਸੀ ਅਫ਼ਸਰ ਸੰਦੀਪ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਨਰਸਿੰਗ ਸਿਸਟਰ ਜਸਪਾਲ ਕੌਰ, ਸਟਾਫ਼ ਨਰਸ ਕੁਲਵੀਰ ਕੌਰ, ਬੀ.ਸੀ.ਸੀ. ਅਮਰਜੀਤ ਸਿੰਘ, ਫੈਸਿਲਿਟੀ ਮੈਨੇਜਰ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |