ਫ਼ਤਹਿਗੜ੍ਹ ਸਾਹਿਬ, 27 ਫਰਵਰੀ (ਬਲਜਿੰਦਰ ਸਿੰਘ)-20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ ਉੱਤੇ 31 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਦੇ ਵਿਰੋਧ ਵਿਚ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਵਲੋਂ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ | ਬੀਤੇ ਕੱਲ੍ਹ ਮੁਲਾਜ਼ਮਾਂ ਨੇ ਆਪਣੇ ਹੱਕ ਮੰਗਣ ਲਈ ਰੋਸ ਪ੍ਰਦਰਸ਼ਨ ਕੀਤਾ ਸੀ | ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਮੁਲਾਜ਼ਮਾਂ ਤੇ ਜਲ ਤੋਪਾਂ ਦੀ ਵਰਤੋਂ ਕੀਤੀ ਗਈ ਅਤੇ ਹੱਥੋਪਾਈ ਦੌਰਾਨ ਮੁਲਾਜ਼ਮਾਂ ਦੀਆਂ ਪੱਗਾਂ ਵੀ ਲੱਥ ਗਈਆਂ ਸਨ | ਇਸ ਮੌਕੇ ਆਗੂਆਂ ਨੇ ਕਿਹਾ ਕਿ 8 ਸਤੰਬਰ 2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਕਈ ਵਾਰ ਅਧਿਕਾਰੀਆਂ ਨੂੰ ਤਨਖ਼ਾਹਾਂ ਨਾ ਘਟਾਉਣ ਅਤੇ ਠੋਸ ਫ਼ੈਸਲਾ ਲੈਣ ਦੀ ਹਦਾਇਤ ਕੀਤੀ ਗਈ ਸੀ, ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੌਲਿਆ ਕੀਤਾ ਗਿਆ | ਤਤਕਾਲੀ ਸਕੱਤਰ ਸਕੂਲ ਸਿੱਖਿਆ ਵਲੋਂ ਜਥੇਬੰਦੀ ਨਾਲ 10 ਅਕਤੂਬਰ 2025 ਨੂੰ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਿਚਾਰ ਚਰਚਾ ਅਨੁਸਾਰ ਕਰਮਚਾਰੀਆਂ ਨੂੰ 1 ਅਪ੍ਰੈਲ 2018 ਤੋਂ ਅਧਿਆਪਕਾਂ ਦੀ ਤਰਜ਼ ਤੇ ਰੈਗੂਲਰ ਕਰਨ ਅਤੇ ਤਨਖ਼ਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ | ਜਿਸ ਦੌਰਾਨ ਉਨ੍ਹਾਂ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ, ਪ੍ਰੰਤੂ 4 ਮਹੀਨੇ ਬੀਤਣ ਦੇ ਬਾਵਜੂਦ ਉਕਤ ਆਰਡਰ ਦੇਣ ਜਾਂ ਤਨਖ਼ਾਹਾਂ ਸਬੰਧੀ ਫ਼ੈਸਲਾ ਲੈਣ ਦੀ ਫਾਈਲ ਦਫ਼ਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ਤੇ ਹੀ ਘੁੰਮ ਰਹੀ ਹੈ | ਸਰਬ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਮੀਨੂੰ ਸਿੰਗਲਾ ਅਤੇ ਕੁਲਜੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਆਪਣੀ ਕਲਮ ਛੋੜ ਹੜਤਾਲ ਦੇ ਨਾਲ-ਨਾਲ ਮੋਹਾਲੀ ਸਿੱਖਿਆ ਭਵਨ ਦੇ ਬਹਾਰ ਪੱਕਾ ਧਰਨਾ ਵੀ ਸ਼ੁਰੂ ਕੀਤਾ ਹੋਇਆ ਹੈ | ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਵਿਚ ਜੇਕਰ ਤਨਖ਼ਾਹ ਕਟੌਤੀ ਅਤੇ 2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਕੋਈ ਫ਼ੈਸਲਾ ਨਾ ਹੋਇਆ ਤਾਂ ਮੁਲਾਜ਼ਮ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਘਰਾਂ ਵਲ ਗੁਪਤ ਐਕਸ਼ਨ ਕਰਨ ਲਈ ਮਜਬੂਰ ਹੋਣਗੇ |