16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਿੰਡਾਂ ਦੇ ਵਿਕਾਸ 'ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਅਹਿਮ ਭੂਮਿਕਾ-ਵਿਧਾਇਕ ਰਾਏ

ਅਜੀਤ ਡੈਸਕ 01-03-2026
ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਮਨਪ੍ਰੀਤ ਸਿੰਘ)-ਸਥਾਨਕ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਦਸੰਬਰ 2025 ਵਿਚ ਹੋਈਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜੇਤੂ ਉਮੀਦਵਾਰਾਂ ਨੂੰ ਸਹੁੰ ਚੁਕਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਰੋਹ ਕਰਵਾਇਆ ਗਿਆ | ਸਮਾਰੋਹ ਮੌਕੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਜੈ ਸਿੰਘ ਲਿਬੜਾ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਏ.ਡੀ.ਸੀ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜੇਤੂ ਉਮੀਦਵਾਰਾਂ ਅਤੇ ਵਿਧਾਇਕਾਂ ਦਾ ਸਵਾਗਤ ਕੀਤਾ | ਉਨ੍ਹਾਂ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੀਆਂ ਸਕੀਮਾਂ ਅਤੇ ਚੱਲ ਰਹੇ ਵਿਕਾਸ ਕੰਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਵਿਧਾਇਕ ਰਾਏ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਜਿੱਥੇ ਮੁਬਾਰਕਬਾਦ ਦਿੱਤੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰੇਕ ਲੋੜਵੰਦ ਤੱਕ ਪਹੁੰਚਾਉਣ ਲਈ ਸਮਰਪਿਤ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਸਮੂਹ ਜੇਤੂ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸ਼ਕਤੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਵਿਧਾਇਕ ਹੈਪੀ ਨੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪਿੰਡਾਂ ਦੇ ਵਿਕਾਸ ਕੰਮਾਂ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਰਾਜਨੀਤੀ ਤੋਂ ਉੱਤੇ ਉੱਠ ਕੇ ਕਰਨ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ | ਉਨ੍ਹਾਂ ਸਮੂਹ ਜੇਤੂ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡਾਂ ਦੇ ਵਿਕਾਸ ਲਈ ਮੈਂਬਰਾਂ ਵਲੋਂ ਵਿਕਾਸ ਕੰਮਾਂ ਲਈ ਲਿਆਂਦੇ ਹਰੇਕ ਮਤੇ ਨੂੰ ਤਰਜ਼ੀਹ ਨਾਲ ਵਿਚਾਰਿਆ ਜਾਵੇਗਾ | ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਲਿਬੜਾ ਨੇ ਸਮੂਹ ਜੇਤੂ ਮੈਂਬਰਾਂ ਨੂੰ ਸਹੁੰ ਚੁੱਕਣ ਮੌਕੇ ਵਧਾਈ ਦਿੱਤੀ ਅਤੇ ਪਾਰਟੀ ਪ੍ਰਤੀ ਇਮਾਨਦਾਰੀ ਤੇ ਪਾਰਟੀ ਦੇ ਪੱਧਰ ਨੂੰ ਹੋਰ ਮਜ਼ਬੂਤ ਕਰਨ ਲਈ ਮਿਹਨਤ ਨਾਲ ਕੰਮ ਕਰਨ ਅਤੇ ਪਿੰਡਾਂ ਦੇ ਲੋਕਾਂ ਦੀ ਆਵਾਜ਼ ਬਣ ਕੇ ਵਿਕਾਸ ਕਰਵਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤੇ ਏ.ਡੀ.ਸੀ (ਜ) ਗਰੇਵਾਲ ਨੇ ਸਮੂਹ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਅਹੁਦਾ ਸੰਭਾਲਣ ਦੀ ਰਸਮੀ ਸਹੁੰ ਚੁਕਾਈ | ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਅਮਲੋਹ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਮੁੱਖ ਮੰਤਰੀ ਫ਼ੀਲਡ ਅਫ਼ਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, 'ਆਪ' ਆਗੂ ਤੇ ਸਰਪੰਚ ਕੁਲਵਿੰਦਰ ਸਿੰਘ ਡੇਰਾ, ਪ੍ਰਧਾਨ ਗੁਰਵੀਰ ਸਿੰਘ ਜੱਲ੍ਹਾ, ਸੰਮਤੀ ਮੈਂਬਰ ਸਤਵੀਰ ਸੱਤੀ, ਰੁਪਿੰਦਰ ਸਿੰਘ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਅਤੇ ਰਾਜਸੀ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਗਰੀਬ ਦਾਸ ਦੇ ਬੋਧ ਦਿਵਸ ਸਮਾਗਮ ਦੇ ਦੂਜੇ ਦਿਨ 'ਤੇ ਖ਼ੂਨਦਾਨ ਕੈਂਪ ਅਤੇ ਦਹੇਜ ਰਹਿਤ ਵਿਆਹ ਕਰਵਾਏ ਅਗਲੀ ਖ਼ਬਰ 10 ਅਪ੍ਰੈਲ ਦੀ ਰੈਲੀ ਨੂੰ ਲੈ ਕੇ ਬਸੀ ਪਠਾਣਾਂ ਹਲਕੇ 'ਚ ਵੱਡੇ ਪੱਧਰ 'ਤੇ ਤਿਆਰੀਆਂ ਸ਼ੁਰੂ-ਗੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।