ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਮਨਪ੍ਰੀਤ ਸਿੰਘ)-ਦਿੱਲੀ ਆਬਕਾਰੀ ਨੀਤੀ ਵਿਚ ਗੜਬੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਬਾਇੱਜ਼ਤ ਬਰੀ ਕਰਕੇ ਸੱਚ 'ਤੇ ਮੋਹਰ ਲਗਾ ਦਿੱਤੀ ਹੈ | ਇਹ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵਲੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਹੋਰ ਨੇਤਾਵਾਂ ਨੂੰ ਝੂਠੇ ਦੋਸ਼ਾਂ ਦੇ ਤਹਿਤ ਫਸਾਇਆ ਗਿਆ ਸੀ, ਜਿਸ ਕਾਰਨ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਲੰਬਾ ਸਮਾਂ ਜੇਲ੍ਹ ਵਿਚ ਰਹੇ | ਉਕਤ ਨੇਤਾਵਾਂ ਨੂੰ ਫਸਾਉਣ ਲਈ ਲੰਮੇ ਸਮੇਂ ਤੋਂ ਰਾਜਨੀਤੀ ਚੱਲ ਰਹੀ ਸੀ, ਪ੍ਰੰਤੂ ਹੁਣ ਮਾਨਯੋਗ ਅਦਾਲਤ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਾਇੱਜ਼ਤ ਬਰੀ ਕਰ ਦਿੱਤਾ ਹੈ | ਇਸ ਨਾਲ ਲੋਕਾਂ ਦਾ ਅਦਾਲਤ ਅਤੇ ਕਾਨੂੰਨ 'ਤੇ ਭਰੋਸਾ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਤਰ੍ਹਾਂ ਦੀ ਗਿਰੀ ਹੋਈ ਰਾਜਨੀਤੀ ਨਹੀਂ ਕਰਨੀ ਚਾਹੀਦੀ | ਜਿਸ ਤਰ੍ਹਾਂ ਆਮ ਆਦਮੀ ਪਾਰਟੀ ਵਲੋਂ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਲੋਕਾਂ ਨੂੰ ਜੋੜਿਆ ਗਿਆ ਹੈ, ਉਸ ਤਰ੍ਹਾਂ ਕੰਮ ਕਰਕੇ ਰਾਜਨੀਤੀ ਚਮਕਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਇਮਾਨਦਾਰ ਪਾਰਟੀ ਹੈ, ਜੋ ਜਨਤਾ ਦੀ ਸੇਵਾ ਦੇ ਵਿਚ ਲੱਗੀ ਹੋਈ ਹੈ | ਜਿਸ ਕਾਰਨ ਅਦਾਲਤ ਵਲੋਂ ਵੀ ਉਨ੍ਹਾਂ ਦੇ ਨੇਤਾਵਾਂ ਨੂੰ ਬਾਇੱਜ਼ਤ ਬਰੀ ਕੀਤਾ ਗਿਆ ਹੈ |