22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਣਾਏ ਜਾਣਗੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ-ਡਾ. ਜਤਿੰਦਰ ਸਿੰਘ ਸ਼ੰਟੀ

ਅਜੀਤ ਡੈਸਕ 02-03-2026
ਫ਼ਤਹਿਗੜ੍ਹ ਸਾਹਿਬ, 1 ਮਾਰਚ (ਬਲਜਿੰਦਰ ਸਿੰਘ)-ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਜਤਿੰਦਰ ਸਿੰਘ ਸ਼ੰਟੀ ਨੇ ਬੱਚਤ ਭਵਨ ਵਿਖੇ ਅਧਿਕਾਰੀਆਂ, ਸਮਾਜ ਸੇਵੀਆਂ, ਸਰਪੰਚਾਂ ਅਤੇ ਹੋਰਨਾਂ ਮੁਹਤਬਰਾਂ ਨਾਲ ਅਹਿਮ ਮੀਟਿੰਗ ਕਰਨੀ ਸੀ ਪਰ ਠੀਕ ਪਹਿਲਾਂ ਮੀਟਿੰਗ ਦਾ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਦੁਆਰਾ ਬਾਈਕਾਟ ਕੀਤੇ ਜਾਣ ਦੀ ਖ਼ਬਰ ਹੈ | ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰੇਕ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੂਲ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ ਨਾ ਹੋਵੇ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਡਵਾਇਜ਼ਰੀਜ਼ ਜਾਰੀ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦੇ ਕੋਰ ਗਰੁੱਪ ਬਣਾਏ ਜਾ ਰਹੇ ਹਨ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸੰਬੰਧਿਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰ ਗਰੁੱਪਾਂ ਵਿਚ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਵਿਅਕਤੀ ਸ਼ਾਮਿਲ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ, ਜਿਸ 'ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ ਰਾਕੇਸ਼ ਯਾਦਵ, ਐਸ.ਡੀ.ਐਮ ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ ਬਸੀ ਹਰਵੀਰ ਬਰਾੜ, ਐਸ.ਡੀ.ਐਮ ਖਮਾਣੋਂ ਅਰਵਿੰਦ ਕੁਮਾਰ ਗੁਪਤਾ, ਐਸ.ਡੀ.ਐਮ ਅਮਲੋਹ ਚਰਨਜੋਤ ਸਿੰਘ ਵਾਲੀਆ, ਮੁੱਖ ਮੰਤਰੀ ਫੀਲਡ ਅਫ਼ਸਰ ਸ਼ੰਕਰ ਸ਼ਰਮਾ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ, ਵਪਾਰੀਆਂ ਸਮੇਤ ਹੋਰ ਅਧਿਕਾਰੀ ਨੁਮਾਇੰਦੇ ਹਾਜ਼ਰ ਸਨ |
ਉੱਧਰ ਦੂਜੇ ਪਾਸੇ ਭਾਰਤ ਵਿਕਾਸ ਪ੍ਰੀਸ਼ਦ ਅਮਲੋਹ ਦੇ ਪ੍ਰਧਾਨ ਬਿ੍ਜ ਭੂਸ਼ਨ ਗਰਗ ਅਤੇ ਮਾਨਵ ਭਲਾਈ ਮੰਚ ਦੇ ਪ੍ਰਧਾਨ ਮਾਸਟਰ ਮਨੋਹਰ ਲਾਲ ਵਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਲਿਖਤੀ ਤੌਰ 'ਤੇ ਪੱਤਰ ਭੇਜ ਕੇ ਉਕਤ ਮੀਟਿੰਗ ਵਿਚ 3 ਵਜੇ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਗਿਆ ਸੀ ਅਤੇ ਉਹ ਸਮੇਂ ਅਨੁਸਾਰ ਬੱਚਤ ਭਵਨ ਵਿਚ ਪੁੱਜ ਗਏ ਸਨ ਜਿਸ ਦੌਰਾਨ ਸਵਾ 4 ਵਜੇ ਤੱਕ ਜਦੋਂ ਕੋਈ ਵੀ ਅਧਿਕਾਰੀ ਇੰਤਜ਼ਾਰ ਕਰ ਰਹੇ ਵੱਖ-ਵੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਕੋਲ ਨਹੀਂ ਆਇਆ ਤਾਂ ਉਨ੍ਹਾਂ ਨੇ ਕੈਂਪ ਦਾ ਬਾਈਕਾਟ ਕਰਨ ਦਾ ਫ਼ੈਸਲਾ ਲਿਆ | ਉਨ੍ਹਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਇਸ ਕੈਂਪ ਵਿਚ ਪਦਮ ਜਤਿੰਦਰ ਸਿੰਘ ਸ਼ੈਂਟੀ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਪਹੁੰਚੇ ਸਨ ਜਿਸ ਦੌਰਾਨ ਪ੍ਰਬੰਧਕ ਅਧਿਕਾਰੀ ਉਨ੍ਹਾਂ ਦੀ ਆਓ ਭਗਤ ਵਿਚ ਲੱਗੇ ਰਹੇ ਅਤੇ ਉਨ੍ਹਾਂ ਨੂੰ ਵੱਖ-ਵੱਖ ਐਨ.ਜੀ.ਓ ਤੋਂ ਸੱਦੇ ਪ੍ਰਤੀਨਿਧੀਆਂ ਦਾ ਚੇਤਾ ਹੀ ਭੁੱਲ ਗਿਆ | ਉਕਤ ਆਗੂਆਂ ਨੇ ਕਿਹਾ ਕਿ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਜ਼ਿਲੇ੍ਹ ਭਰ 'ਚੋਂ ਇੱਥੇ ਪੁੱਜੇ ਹੋਏ ਸਨ | ਉਨ੍ਹਾਂ ਕਿਹਾ ਕਿ ਸਮਾਜ ਸੇਵਾ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਵੱਖ-ਵੱਖ ਐਨ.ਜੀ.ਓ ਦੇ ਪ੍ਰਤੀਨਿਧੀਆਂ ਨੂੰ ਸਤਿਕਾਰ ਸਹਿਤ ਬੁਲਾ ਕੇ ਜ਼ਲੀਲ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ |
ਪਿਛਲੀ ਖ਼ਬਰ ਨਸ਼ਿਆਂ ਦੇ ਖ਼ਾਤਮੇ ਲਈ ਮਾਪੇ ਵੀ ਨੌਜਵਾਨਾਂ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ-ਠੇਕੇਦਾਰ ਅਵਤਾਰ ਚਨਾਰਥਲ ਅਗਲੀ ਖ਼ਬਰ ਪੱਤੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਨੂੰ ਢਿੱਲੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।