23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣਾ ਬਹੁਤ ਜ਼ਰੂਰੀ-ਡਾ. ਜਗਦੀਪ ਸਿੰਘ

ਅਜੀਤ ਡੈਸਕ 29-04-2026
ਪਟਿਆਲਾ, 28 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਸੈਂਟਰ ਫਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਡੇਟਾ ਸਾਇੰਸ ਵਿਖੇ ਨਵੇਂ ਅਕਾਦਮਿਕ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ | ਉਪ-ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਇਨ੍ਹਾਂ ਪ੍ਰੋਗਰਾਮਾਂ ਦਾ ਰਸਮੀ ਉਦਘਾਟਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਲੋਂ ਸੈਂਟਰ ਦੀ ਅਧਿਕਾਰਤ ਵੈੱਬਸਾਈਟ ਦਾ ਵੀ ਉਦਘਾਟਨ ਕੀਤਾ ਗਿਆ | ਇਹ ਵੈੱਬਸਾਈਟ ਸੈਂਟਰ ਵਿਖੇ ਚਲਾਏ ਜਾ ਰਹੇ ਕੋਰਸਾਂ, ਦਾਖਲਾ ਪ੍ਰਕਿਰਿਆਵਾਂ, ਫੈਕਲਟੀ, ਖੋਜ ਪਹਿਲਕਦਮੀਆਂ ਅਤੇ ਆਉਣ ਵਾਲੇ ਸਮਾਗਮਾਂ ਬਾਰੇ ਵਿਸਤਿ੍ਤ ਜਾਣਕਾਰੀ ਪ੍ਰਦਾਨ ਕਰੇਗੀ | ਡਾ. ਜਗਦੀਪ ਸਿੰਘ ਕਿਹਾ ਕਿ ਹੁਣ ਜਦੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡੇਟਾ ਸਾਇੰਸ ਦੇ ਖੇਤਰ ਵਿਚ ਤੇਜ਼ੀ ਨਾਲ਼ ਵਿਕਾਸ ਹੋ ਰਿਹਾ ਹੈ ਤਾਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਮਨੋਰਥ ਨਾਲ਼ ਹੀ ਯੂਨੀਵਰਸਿਟੀ ਵਲੋਂ ਇਹ ਕੋਰਸ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਦੀਆਂ ਨਵੀਨਤਮ ਤਕਨਾਲੋਜੀਆਂ ਵਿਚ ਸਿੱਖਿਆ ਨੂੰ ਅੱਗੇ ਵਧਾਉਣ ਦੀ ਪਹਿਲਕਦਮੀ ਕਰਦਿਆਂ ਇਹ ਕਦਮ ਉਠਾਇਆ ਗਿਆ ਹੈ |
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਮੇਸ਼ਾ ਨਵੀਨਤਾ ਅਤੇ ਅੰਤਰ-ਅਨੁਸ਼ਾਸਨੀ ਖੋਜ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਤਕਨੀਕੀ ਚੁਣੌਤੀਆਂ ਲਈ ਤਿਆਰ ਕਰਨ ਦੇ ਮਕਸਦ ਨਾਲ਼ ਇਹ ਕੋਰਸ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸੈਂਟਰ ਵੱਲੋਂ ਹਰ ਤਰ੍ਹਾਂ ਦੇ ਵਿਦਿਆਰਥੀ ਵਰਗ ਲਈ ਕੋਰਸ ਪੇਸ਼ ਕੀਤੇ ਜਾ ਰਹੇ ਹਨ ਜਿਸ ਨਾਲ਼ ਵੱਖ-ਵੱਖ ਅਕਾਦਮਿਕ ਪਿਛੋਕੜ ਵਾਲੇ ਸਿਖਿਆਰਥੀਆਂ ਨੂੰ ਉੱਭਰ ਰਹੇ ਏ.ਆਈ. ਟੂਲਜ਼ ਅਤੇ ਐਪਲੀਕੇਸ਼ਨਾਂ ਤੋਂ ਲਾਭ ਉਠਾਉਣ ਅਤੇ ਉਨ੍ਹਾਂ ਨਾਲ ਜੁੜਨ ਦੇ ਯੋਗ ਬਣਾਇਆ ਜਾ ਸਕਦਾ ਹੈ | ਸੈਂਟਰ ਦੇ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਜੋਸਨ ਨੇ ਦੱਸਿਆ ਕਿ ਇਹ ਸੈਂਟਰ 2018 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਉੱਦਮਤਾ, ਨਵੀਨਤਾ ਅਤੇ ਕਰੀਅਰ ਹੱਬ ਵੱਲੋਂ ਰੂਸਾ 2.0 ਅਧੀਨ ਸੈਂਟਰ ਦੇ ਇਨਫ੍ਰਾਸਟ੍ਰਕਚਰ ਲਈ ਗ੍ਰਾਂਟ ਜਾਰੀ ਕੀਤੀ ਗਈ | ਉਨ੍ਹਾਂ ਅੱਗੇ ਦੱਸਿਆ ਕਿ ਸੈਂਟਰ ਵਿਖੇ ਨਵੇਂ ਸ਼ੁਰੂ ਕੀਤੇ ਗਏ ਤਿੰਨ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਜਨਰੇਟਿਵ ਏ.ਆਈ. 'ਤੇ ਕੇਂਦਿ੍ਤ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਇਸ ਤੇਜ਼ੀ ਨਾਲ ਵਿਕਸਿਤ ਹੋ ਰਹੇ ਖੇਤਰ ਵਿਚ ਅਤਿ-ਆਧੁਨਿਕ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨਾ ਹੈ | ਇਸ ਸਮਾਗਮ ਵਿਚ ਡੀਨ ਅਕਾਦਮਿਕ ਮਾਮਲੇ ਪ੍ਰੋ. ਜਸਵਿੰਦਰ ਸਿੰਘ ਬਰਾੜ, ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ, ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ.ਸੁਖਜੀਤ ਕੌਰ ਰਨਾਡੇ ਅਤੇ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਸ਼ਿਰਕਤ ਕੀਤੀ |
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਘਨੌਰ 'ਚ ਨਵ-ਨਿਯੁਕਤ ਆਈ.ਏ.ਐਸ. ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਦਿੱਤੇ ਸਫਲਤਾ ਦੇ ਗੁਰ ਅਗਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ 'ਚ ਹਲਕਾ ਸ਼ੁਤਰਾਣਾ ਦੇ ਕਈ ਆਗੂਆਂ ਨੂੰ ਸੂਬਾ ਪੱਧਰ 'ਚ ਮਿਲੀ ਨੁਮਾਇੰਦਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।