ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਸੈਸ਼ਨ 2025-26 ਦੀ ਸਮਾਪਤੀ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ | ਇਸ ਮੌਕੇ ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਵਿਦਿਆਰਥੀ ਆਪਣੇ ਮਹਾਨ ਇਤਿਹਾਸ, ਵਿਰਾਸਤ ਅਤੇ ਸੱਭਿਆਚਾਰ ਤੋਂ ਜਾਣੂ ਅਤੇ ਆਪਣੇ ਅਧਿਆਪਕਾਂ ਤੇ ਮਾਪਿਆਂ ਦਾ ਆਗਿਆਕਾਰੀ ਬਣ ਕੇ ਜੀਵਨ ਵਿਚ ਸਫਲਤਾ ਦੀ ਪੌੜੀਆਂ ਚੜ੍ਹ ਸਕਦੇ ਹਨ | ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਹਰਭਿੰਦਰ ਸਿੰਘ ਨੇ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸ ਅਤੇ ਮਹਾਨਤਾ ਤੋਂ ਸੰਗਤ ਨੂੰ ਜਾਣੂ ਕਰਵਾਇਆ | ਕਾਲਜ ਦੇ ਸੰਗੀਤ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਇਲਾਹੀ ਕੀਰਤਨ ਕੀਤਾ ਗਿਆ | ਕੀਰਤਨ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੇ ਮਾਤਾ ਗੁਜਰੀ ਕਾਲਜ ਦਾ ਨਾਮ ਖੇਤਰੀ, ਅੰਤਰ ਖੇਤਰੀ ਤੇ ਅੰਤਰਵਰਸਿਟੀ ਯੁਵਕ, ਲੋਕ ਮੇਲਿਆਂ ਅਤੇ ਰਾਸ਼ਟਰੀ ਪੱਧਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਰੌਸ਼ਨ ਕੀਤਾ ਹੈ | ਸਮਾਗਮ ਦੇ ਅਖੀਰ ਵਿਚ ਮਾਤਾ ਗੁਜਰੀ ਸਟੱਡੀ ਸਰਕਲ ਦੇ ਕਨਵੀਨਰ ਡਾ. ਗੁਰਬਾਜ ਸਿੰਘ ਨੇ ਮੰਚ ਸੰਚਾਲਨ ਕੀਤਾ ਅਤੇ ਸਮੂਹ ਸੰਗਤਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਪ੍ਰੋ. ਬੀਰਇੰਦਰ ਸਿੰਘ ਸਰਾਓ, ਡਾ. ਜੁਝਾਰ ਸਿੰਘ, ਡਾ. ਗਗਨਦੀਪ ਸਿੰਘ, ਪ੍ਰੋ. ਹਰਭਿੰਦਰ ਸਿੰਘ, ਡਾ. ਪੁਸ਼ਪਿੰਦਰ ਸਿੰਘ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ | ਇਸ ਮੌਕੇ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਤੌਰ 'ਤੇ ਪ੍ਰਬੰਧ ਵੀ ਕੀਤਾ ਗਿਆ ਸੀ | ਸਮਾਗਮ ਵਿਚ ਮਾਤਾ ਗੁਜਰੀ ਸਟੱਡੀ ਸਰਕਲ, ਐਨ.ਐਸ.ਐਸ. ਯੂਨਿਟ, ਐਨ.ਸੀ.ਸੀ. ਯੂਨਿਟ, ਸੰਗੀਤ ਅਤੇ ਪੱਤਰਕਾਰੀ ਵਿਭਾਗ ਦੇ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ |