ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਨੂੰ ਇੰਨਰ ਵੀਲ੍ਹ ਕਲੱਬ ਆਫ਼ ਮੋਹਾਲੀ ਵਲੋਂ 25 ਲੈਪਟਾਪ ਦਿੱਤੇ ਗਏ | ਇਸ ਉਪਰਾਲੇ ਦਾ ਮੁੱਖ ਉਦੇਸ਼ ਕੁੜੀਆਂ ਨੂੰ ਡਿਜੀਟਲ ਸਿੱਖਿਆ ਵੱਲ ਪ੍ਰੋਤਸਾਹਿਤ ਕਰਨਾ ਅਤੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨਾ ਹੈ | ਇਸ ਮੌਕੇ ਕਲੱਬ ਦੇ ਮੈਂਬਰਾਂ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਕੰਪਿਊਟਰ ਸਿੱਖਿਆ ਹਰ ਵਿਦਿਆਰਥੀ ਲਈ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਪਿੱਛੜੇ ਇਲਾਕਿਆਂ ਵਿਚ ਰਹਿਣ ਵਾਲੀਆਂ ਕੁੜੀਆਂ ਨੂੰ ਅੱਗੇ ਲਿਆਂਦਾ ਜਾਣਾ ਸਮੇਂ ਦੀ ਲੋੜ ਹੈ, ਤਾਂ ਜੋ ਉਹ ਵੀ ਮੁਕਾਬਲੇ ਦੇ ਯੁੱਗ ਵਿਚ ਆਪਣੀ ਪਛਾਣ ਬਣਾ ਸਕਣ | ਉਨ੍ਹਾਂ ਦੱਸਿਆ ਕਿ ਇਹ ਲੈਪਟਾਪ ਖ਼ਾਸ ਤੌਰ 'ਤੇ ਜ਼ਰੂਰਤਮੰਦ ਅਤੇ ਮਿਹਨਤੀ ਵਿਦਿਆਰਥੀਆਂ ਲਈ ਹਨ, ਤਾਂ ਜੋ ਉਹ ਆਪਣੀ ਪੜ੍ਹਾਈ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖ ਸਕਣ | ਇਸ ਨਾਲ ਆਨਲਾਈਨ ਸਿੱਖਿਆ, ਪ੍ਰੋਜੈਕਟ ਵਰਕ ਅਤੇ ਨਵੇਂ ਹੁਨਰ ਸਿੱਖਣ ਵਿਚ ਵੀ ਬਹੁਤ ਸਹੂਲਤ ਮਿਲੇਗੀ | ਸਕੂਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਕਲੱਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਗਦਾਨ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਨ ਵੱਲ ਇਕ ਵੱਡਾ ਕਦਮ ਹੈ | ਸਕੂਲ ਹਮੇਸ਼ਾ ਹੀ ਇਹੋ ਜਿਹੇ ਉਪਰਾਲਿਆਂ ਨੂੰ ਸਹਿਯੋਗ ਦੇਵੇਗਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਉੱਚ-ਗੁਣਵੱਤਾ ਵਾਲੀ ਕੰਪਿਊਟਰ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਰਹੇਗਾ | ਵਿਦਿਆਰਥੀਆਂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਲੈਪਟਾਪ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਮਦਦਗਾਰ ਸਾਬਤ ਹੋਣਗੇ | ਇਸ ਮੌਕੇ 'ਤੇ ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਕਲੱਬ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ | ਪ੍ਰੋਗਰਾਮ ਦੇ ਅੰਤ ਵਿਚ ਸਕੂਲ ਦੇ ਸੈਕਟਰੀ ਕਮ ਖ਼ਜ਼ਾਨਚੀ ਪਿ੍ਆ ਅਰੋੜਾ ਨੇ ਸਿੱਖਿਆ ਦੇ ਪ੍ਰਚਾਰ ਅਤੇ ਸਮਾਜ ਦੀ ਭਲਾਈ ਲਈ ਅਜਿਹੇ ਹੋਰ ਉਪਰਾਲੇ ਕਰਨ ਦਾ ਸੰਕਲਪ ਲੈਂਦਿਆਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਸਿੱਖਿਆ ਦੇ ਮਿਆਰ ਨੂੰ ਉੱਚਾ ਕਰਦਾ ਹੈ, ਸਗੋਂ ਸਮਾਜ ਵਿਚ ਕੁੜੀਆਂ ਨੂੰ ਸਮਾਨ ਮੌਕਿਆਂ ਦੀ ਪ੍ਰਦਾਨਗੀ ਵੱਲ ਵੀ ਇਕ ਮਹੱਤਵਪੂਰਨ ਕਦਮ ਹੈ |