ਫ਼ਤਹਿਗੜ੍ਹ ਸਾਹਿਬ, 30 ਅਪ੍ਰੈਲ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਸ਼ਜ ਅਫ਼ਸਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਗਣਨਾ-2027 ਤਹਿਤ ਅੱਜ ਤੋਂ ਆਨਲਾਇਨ ਸਵੈ ਜਨਗਣਨਾ ਦੀ ਸ਼ੁਰੂਆਤ ਕਰਨ ਮੌਕੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ 2027 ਦੇਸ਼ ਦੇ ਵਿਕਾਸ ਲਈ ਬਹੁਤ ਜ਼ਰੂਰੀ ਹੈ | ਹਰੇਕ ਨਾਗਰਿਕ ਘਰਾਂ ਵਿਚ ਜਨਗਣਨਾ ਲਈ ਆਉਣ ਵਾਲੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ, ਤਾਂ ਜੋ ਲੋਕਾਂ ਦੀ ਵਡਮੁੱਲੀ ਜਾਣਕਾਰੀ ਦੇ ਅੰਕੜਿਆਂ ਭਰਨ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸਪੱਸ਼ਟ ਕੀਤਾ ਕਿ ਲੋਕਾਂ ਵਲੋਂ ਦਿੱਤੀ ਗਈ ਜਾਣਕਾਰੀ ਨੂੰ ਬਿਲਕੁਲ ਗੁਪਤ ਅਤੇ ਜਨਗਣਨਾ ਦੇ ਮੰਤਵ ਤੱਕ ਹੀ ਰੱਖਿਆ ਜਾਵੇਗਾ ਅਤੇ ਇਨ੍ਹਾਂ ਅੰਕੜਿਆਂ ਦੀ ਕਿਸੇ ਵੀ ਤਰ੍ਹਾਂ ਨਾਲ ਗ਼ਲਤ ਦੁਰਵਰਤੋਂ ਨਹੀਂ ਹੋ ਸਕਦੀ, ਜਿਸ ਦੇ ਲਈ ਪੋਰਟਲ ਨੂੰ ਸਰਕਾਰ ਵਲੋਂ ਪਾਰਦਰਸ਼ੀ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੋਰਟਲ ਵਿਚ ਸ਼ਾਮਿਲ ਸਵਾਲਾਂ ਤੋਂ ਬਾਹਰ ਕੋਈ ਵੀ ਗਿਣਤੀਕਾਰ ਵਾਧੂ ਸਵਾਲ ਨਹੀਂ ਪੁੱਛੇਗਾ, ਜਿਸ ਦੇ ਲਈ ਬਕਾਇਦਾ ਹਰੇਕ ਗਿਣਤੀਕਾਰ ਨੂੰ ਸਿਖਲਾਈ ਦਿੱਤੀ ਗਈ ਹੈ | ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕ 14 ਮਈ ਤੱਕ ਪੋਰਟਲ ਤੇ ਸਵੈ ਜਨਗਣਨਾ ਸਬੰਧੀ ਜਾਣਕਾਰੀ ਭਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਨਾਗਰਿਕ ਆਪਣੇ ਮੋਬਾਇਲ ਤੇ ਓ.ਟੀ.ਪੀ.ਰਾਹੀਂ ਲਾਗਇਨ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਜਾਣਕਾਰੀ ਭਰਨ ਤੋਂ ਬਾਅਦ ਪ੍ਰਾਪਤ ਹੋਈ ਐਸ.ਈ. ਆਈ.ਡੀ. ਨੂੰ ਹਰੇਕ ਨਾਗਰਿਕ ਵਲੋਂ ਸੁਰੱਖਿਅਤ ਰੱਖਿਆ ਜਾਵੇ, ਜਦੋਂ ਗਿਣਤੀਕਾਰ ਉਨ੍ਹਾਂ ਦੇ ਘਰ ਆਉਣਗੇ ਤਾਂ ਉਨ੍ਹਾਂ ਨੂੰ ਐਸ.ਈ.ਆਈ.ਡੀ. ਸਾਂਝੀ ਕੀਤੀ ਜਾ ਸਕਦੀ ਹੈ | ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਜਨਗਣਨਾ ਹਰੇਕ 10 ਸਾਲ ਬਾਅਦ ਕੀਤੀ ਜਾਂਦੀ ਹੈ ਅਤੇ ਇਸ ਉਪਰੰਤ ਦੇਸ਼ ਦੇ ਵਿਕਾਸ ਲਈ ਯੋਜਨਾਵਾਂ ਉਲੀਕੀਆਂ ਜਾਂਦੀਆਂ ਹਨ | ਉਨ੍ਹਾਂ ਦੱਸਿਆ ਕਿ ਜਨਗਣਨਾ 2027 ਲਈ 1500 ਗਿਣਤੀਕਾਰ ਤੇ ਸੁਪਰਵਾਈਜ਼ਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ ਜੋ ਕਿ ਬਾਅਦ ਵਿਚ ਘਰ-ਘਰ ਜਾ ਕੇ ਜਾਣਕਾਰੀ ਇਕੱਤਰ ਕਰਨਗੇ | ਉਨ੍ਹਾਂ ਦੱਸਿਆ ਕਿ ਜਨਗਣਨਾ ਅਧਿਨਿਯਮ 1948 ਦੇ ਤਹਿਤ ਜਾਣਕਾਰੀ ਪ੍ਰਦਾਨ ਕਰਨੀ ਲਾਜ਼ਮੀ ਹੈ ਅਤੇ ਲੋਕਾਂ ਵਲੋਂ ਦਿੱਤੀ ਗਈ ਸਹੀ ਜਾਣਕਾਰੀ ਆਉਣ ਵਾਲੇ ਸਾਲਾਂ ਲਈ ਵਿਕਾਸ ਨਿਰਧਾਰਤ ਕਰਦੀ ਹੈ | ਉਨ੍ਹਾਂ ਕਿਹਾ ਕਿ ਜਨਗਣਨਾ ਵਿਚ ਹਰੇਕ ਘਰ ਮਾਇਨੇ ਰੱਖਦਾ ਹੈ, ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਭਾਗੀਦਾਰੀ ਸੁਨਿਸ਼ਚਤ ਕਰਨੀ ਚਾਹੀਦੀ ਹੈ | ਜਨਗਣਨਾ 2027 ਤਹਿਤ ਅੱਜ ਤੋਂ ਸ਼ੁਰੂ ਹੋਈ ਆਨ ਲਾਇਨ ਸਵੈ ਜਨਗਣਨਾ ਦੀ ਸ਼ੁਰੂਆਤ ਮੌਕੇ ਨਵਦੀਪ ਸਿੰਘ ਨਵੀ ਤੇ ਹਰੀਸ਼ ਅਗਰਵਾਲ ਦੀ ਆਨਲਾਈਨ ਸਵੈ-ਜਨਗਣਨਾ ਦਰਜ਼ ਕੀਤੀ ਗਈ | ਇਸ ਮੌਕੇ ਮਾਸਟਰ ਟ੍ਰੇਨਰ ਪਰਵਿੰਦਰ ਸਿੰਘ ਨੇ ਜਨਗਣਨਾ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਜ਼ਿਲ੍ਹਾ ਸੈਂਸਿਜ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ, ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਮਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ ਚਾਂਸਲਰ ਪਿ੍ਤਪਾਲ ਸਿੰਘ, ਐਸ.ਡੀ.ਐਮ.ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ, ਐਸ.ਡੀ.ਐਮ. ਬਸੀ ਪਠਾਣਾਂ ਹਰਬੀਰ ਕੌਰ, ਐਸ.ਡੀ.ਐਮ. ਅਮਲੋਹ ਚਰਨਜੋਤ ਸਿੰਘ ਵਾਲੀਆ, ਦੀਦਾਰ ਸਿੰਘ ਭੱਟੀ, ਉਪ ਅਰਥ ਤੇ ਅੰਕੜਾ ਸਲਾਹਕਾਰ ਹਰਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਜਸਪ੍ਰੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ ਵਿੱਕੀ ਕਟਾਰੀਆ ਤੋਂ ਇਲਾਵਾ ਹੋਰ ਅਧਿਕਾਰੀ ਤੇ ਆਗੂ ਹਾਜ਼ਰ ਸਨ |